ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ ਪ੍ਰੋਗਰਾਮ' ਤਹਿਤ ਕਲ੍ਹ ਸ਼ਾਮ ਹਲਕਾ ਮੋਹਾਲੀ ਦੇ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਪਿੰਡਾਂ ਵਿੱਚ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ 8 ਲੱਖ ਰੁਪਏ, ਅਨੁਸੂਚਿਤ ਜਾਤੀ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਲਦੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ 2 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਬੇ ਦੇ ਕਿਨਾਰੇ ਚਾਰਦੀਵਾਰੀ ਬਣਾਈ ਜਾ ਰਹੀ ਹੈ। ਪਿੰਡ ਦੇ ਦੋ ਲੋੜਵੰਦ ਪਰਿਵਾਰਾਂ ਨੂੰ ਕੱਚੇ ਮਕਾਨ ਪੱਕੇ ਕਰਨ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ।