ਪਟਿਆਲਾ : ਪੰਜਾਬ ਸਰਕਾਰ ਦੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਸਰਪ੍ਰਸਤੀ ਹੇਠ ਟੀਮ ਤੇਜਿੰਦਰ ਮਹਿਤਾ ਵੱਲੋਂ ਅੱਜ "ਮੇਰਾ ਮਾਣ ਭਗਵੰਤ ਮਾਨ" ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਸ ਉਪਰੰਤ ਕਿਲ੍ਹਾ ਚੌਕ ਸਥਿਤ ਸ਼ਿਵ ਮੰਦਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਗੁਰਨੇਕ ਭੱਟੀ ਤੋਂ ਨਾਰੀਅਲ ਤੋੜਵਾ ਕੇ ਮੁਹਿੰਮ ਦਾ ਵਿਧੀਵਤ ਆਗਾਜ਼ ਕੀਤਾ ਗਿਆ। ਮੁਹਿੰਮ ਦੇ ਪਹਿਲੇ ਪੜਾਅ ਤਹਿਤ ਚੇਅਰਮੈਨ ਮਹਿਤਾ ਅਤੇ ਟੀਮ ਮੈਂਬਰਾਂ ਨੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਰੂ-ਬ-ਰੂ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਿਤ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਬੁਕਲੈਟ ਅਤੇ ਜਨ-ਜਾਗਰੂਕਤਾ ਪੰਫਲੈਟ ਵੰਡੇ। ਉਨ੍ਹਾਂ ਕਿਹਾ ਕਿ ਟੀਮ ਦਾ ਉਦੇਸ਼ ਸਕਾਰਾਤਮਕ ਰਾਜਨੀਤੀ ਨੂੰ ਉਤਸ਼ਾਹਿਤ ਕਰਨਾ, ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਚੇਅਰਮੈਨ ਮਹਿਤਾ ਨੂੰ ਪਟਿਆਲਾ ਦੀ ਸੇਵਾ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਇਕੱਠਾ ਕਰਨਾ ਹੈ।