ਸਨੌਰ : ਸਨੌਰ ਦੀ ਬਾਬਾ ਦੀਪ ਸਿੰਘ ਕਲੋਨੀ, ਬੋਲੜ ਰੋਡ ਵਿਖੇ ਇੱਕ ਗਲੀ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਗੇਟ ਲਗਾਏ ਜਾਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ। ਕਲੋਨੀ ਵਾਸੀਆਂ ਨੇ ਇਸ ਦਾ ਵਿਰੋਧ ਕਰਦਿਆਂ ਦੋਸ਼ ਲਗਾਇਆ ਹੈ ਕਿ ਗਲੀ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਆਵਾਜਾਈ ਪ੍ਰਭਾਵਿਤ ਹੋਵੇਗੀ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਸਨੀ ਪਾਲ, ਸੰਜੀਵ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਲਖਵੀਰ ਸਿੰਘ, ਛਿੰਦਾ ਸਿੰਘ, ਬੇਅੰਤ ਕੌਰ ਸਮੇਤ ਹੋਰ ਕਲੋਨੀ ਵਾਸੀਆਂ ਨੇ ਦੱਸਿਆ ਕਿ ਇਸ ਸਬੰਧੀ ਕਰੀਬ ਦੋ ਮਹੀਨੇ ਪਹਿਲਾਂ ਨਗਰ ਕੌਂਸਲ ਸਨੌਰ ਦੇ ਕਾਰਜ ਸਾਧਕ ਅਫ਼ਸਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਪਰ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਕਦੇ ਨਗਰ ਕੌਂਸਲ ਤੇ ਕਦੇ ਪੁਲਿਸ ਥਾਣਾ ਸਨੌਰ ਦੇ ਚੱਕਰ ਲਗਾ ਰਹੇ ਹਨ, ਪਰ ਉਨ੍ਹਾਂ ਦੀ ਸ਼ਿਕਾਇਤ ਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਪ੍ਰਤੀ ਨਿਰਾਸ਼ਾ ਵੱਧ ਰਹੀ ਹੈ। ਵਾਸੀਆਂ ਨੇ ਨਗਰ ਕੌਂਸਲ ਸਨੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਗਲੀ ਵਿੱਚ ਲਗਾਇਆ ਜਾ ਰਿਹਾ ਗੇਟ ਨਿਯਮਾਂ ਦੇ ਉਲਟ ਹੈ ਤਾਂ ਉਸ ਨੂੰ ਤੁਰੰਤ ਰੋਕਿਆ ਜਾਂ ਹਟਾਇਆ ਜਾਵੇ, ਤਾਂ ਜੋ ਕਲੋਨੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ ।ਨਗਰ ਕੌਂਸਲ ਸਨੌਰ ਦੇ ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਅਤੇ ਅਰਜ਼ੀ ਕਾਰਵਾਈ ਲਈ ਥਾਣਾ ਸਨੌਰ ਨੂੰ ਭੇਜੀ ਗਈ ਸੀ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਲੋੜ ਪੈਣ 'ਤੇ ਸੁਰੱਖਿਆ ਮੁਹੱਈਆ ਕਰਵਾ ਸਕਦੀ ਹੈ, ਜਦਕਿ ਨਕਸ਼ੇ ਅਤੇ ਉਸਾਰੀ ਸਬੰਧੀ ਕਾਰਵਾਈ ਨਗਰ ਕੌਂਸਲ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ।