ਅੰਮ੍ਰਿਤਸਰ : ਹਲਕਾ ਸੈਂਟਰਲ ਦੇ ਅਧੀਨ ਆਉਂਦੇ ਫਤਿਹ ਸਿੰਘ ਕਲੋਨੀ ਖੇਤਰ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਨਿਯੁਕਤ ਹੋਏ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਦਾ ਪਹੁੰਚਣ 'ਤੇ ਪਾਰਟੀ ਆਗੂ ਵਾਰਡ 52 ਇੰਚਾਰਜ ਸਨਪ੍ਰੀਤ ਸਿੰਘ ਭਾਟੀਆ ਅਤੇ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਵਰਕਰਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਸਦਕਾ ਅੱਜ ਪੰਜਾਬ ਵਿੱਚ 'ਆਪ' ਦੀ ਸਰਕਾਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ।
'ਆਪ' ਸਰਕਾਰ ਨੇ ਪੂਰੀਆਂ ਕੀਤੀਆਂ ਗਾਰੰਟੀਆਂ; 2027 ਦੀਆਂ ਚੋਣਾਂ 'ਚ ਵਿਕਾਸ ਕਾਰਜਾਂ ਦੇ ਦਮ 'ਤੇ ਉਤਰਾਂਗੇ: ਜ਼ਿਲ੍ਹਾ ਪ੍ਰਧਾਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਪ੍ਰਮੁੱਖ ਵਾਅਦੇ ਪੂਰੇ ਕੀਤੇ ਹਨ। ਮੁਫ਼ਤ ਬਿਜਲੀ, ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਨਹਿਰੀ ਪਾਣੀ ਦੀ ਖੇਤਾਂ ਤੱਕ ਪਹੁੰਚ, ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਰਗੇ ਇਤਿਹਾਸਕ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 'ਸਕੂਲ ਆਫ਼ ਐਮੀਨੈਂਸ' ਬਣਾਏ ਗਏ ਹਨ ਅਤੇ ਔਰਤਾਂ ਲਈ 1000 ਰੁਪਏ ਮਹੀਨਾ ਦੇਣ ਦੀ ਗਾਰੰਟੀ ਨੂੰ ਵੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਬੇਮਿਸਾਲ ਕੰਮ ਕੀਤੇ ਹਨ ਅਤੇ ਇਨ੍ਹਾਂ ਹੀ ਲੋਕ-ਪੱਖੀ ਕੰਮਾਂ ਸਦਕਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਤੇ ਵਾਰਡ 52 ਦੇ ਇੰਚਾਰਜ ਸਨਪ੍ਰੀਤ ਭਾਟੀਆ ਬੰਨੀ ਭਾਟੀਆ ਰਿਤੇਸ਼ ਮਹਾਜਨ ਸਾਜਨ ਬੀਬੀ ਜਸਵਿੰਦਰ ਕੌਰ ਮਨਜਿੰਦਰ ਸਿੰਘ ਅਤੇ ਹੋਰ ਵੀ ਲੋਕ ਮੌਜੂਦ ਸਨ।