ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਦਿਆਂ ਸੰਨ 80-90 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ। ਇਨ੍ਹਾਂ ਸਿੱਖਾਂ ਦੀਆਂ ਲਾਸ਼ਾਂ ਤਕ ਵੀ ਪਰਿਵਾਰਾਂ ਨੂੰ ਨਾ ਦਿੱਤੀਆਂ ਗਈਆਂ, ਜਿਸ ਕਰਕੇ ਅੱਜ ਤਕ ਉਨ੍ਹਾਂ ਦੇ ਪਰਿਵਾਰ ਉਡੀਕ ਕਰ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਮਾਰੇ ਗਏ, ਲਾਵਾਰਿਸ ਕਹਿ ਕੇ ਸਾੜੇ ਗਏ ਤੇ ਨਹਿਰਾਂ ਦਰਿਆਵਾਂ ਵਿਚ ਵਹਾਅ ਦਿੱਤੇ ਗਏ ਨਿਰਦੋਸ਼ ਸਿੱਖਾਂ ਦਾ ਸੱਚ ਸਾਹਮਣੇ ਲਿਆਉਣ ਲਈ ਹਿੰਮਤ ਕਰਨ, ਮਨੁੱਖੀ ਅਧਿਕਾਰਾਂ ਲਈ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਪੁਲਿਸ ਵੱਲੋਂ ਤਸ਼ੱਦਦ ਕਰਕੇ ਸ਼ਹੀਦ ਕਰ ਦਿੱਤਾ ਗਿਆ ਅਤੇ ਉਨ੍ਹਾਂ ਦਾ ਸਰੀਰ ਹਰੀਕੇ ਪੱਤਣ ’ਤੇ ਨਹਿਰ ਵਿਚ ਰੋੜ ਦਿੱਤਾ ਗਿਆ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜੁਆਨਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1980 ਤੋਂ ਬਾਅਦ ਪੰਜਾਬ ਵਿੱਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਪਾਵਨ ਅਸਥਾਨਾਂ ਅਤੇ ਸਿੱਖ ਨੌਜੁਆਨਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ। ਇਸੇ ਦੇ ਵਿਰੋਧ ਵਿਚ ਕਈ ਨੌਜਵਾਨ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਏ। ਇਨ੍ਹਾਂ ਵਿੱਚੋਂ ਕਈ ਅੱਜ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਭੁਗਤਣ ਦੇ ਬਾਅਦ ਵੀ ਜ਼ੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਇਹ ਦੋਹਰੀ ਨੀਤੀ ਸਰਕਾਰਾਂ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ। ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ ਲਾਂਡਵਾਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸ. ਅਜ਼ਾਦ ਦੀਪ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ ਤੇ ਸ. ਅਮਨਦੀਪ ਸਿੰਘ ਆਦਿ ਸ਼ਾਮਲ ਸਨ।