ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਯੋਜਨਾ ਦੇ ਮਹੱਤਵ ਬਾਰੇ ਗੱਲ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਪੰਜਾਬ ਦੇ ਲੋਕਾਂ ਦੇ ਅਧਿਆਤਮਿਕ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਹੁਣ ਤੱਕ ਕੁੱਲ 3,04,784 ਸ਼ਰਧਾਲੂ 7,390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਇਸ ਯੋਜਨਾ ਦੀ ਵਿਆਪਕ ਪਹੁੰਚ ਅਤੇ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖਾਸ ਕਰਕੇ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਪਹਿਲਾਂ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਇਸ ਦਾ ਲਾਭ ਹਰੇਕ ਜਾਤੀ, ਧਰਮ ਅਤੇ ਵਰਗ ਨਾਲ ਸਬੰਧਤ ਸ਼ਰਧਾਲੂ ਲੈ ਸਕਦੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤੋਂ ਹੀ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।