ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 17 ਜੁਲਾਈ ਨੂੰ ਹੋਣ ਵਾਲਾ ਜਲੰਧਰ ਦੌਰਾ ਪੰਜਾਬ ਦੇ ਹਰ ਵਰਗ ਲਈ ਇਤਿਹਾਸਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਧਾਨ ਮੰਤਰੀ ਪੰਜਾਬ ਆਉਂਦੇ ਹਨ, ਉਹ ਸੂਬੇ ਲਈ ਵਿਕਾਸ ਦੀਆਂ ਨਵੀਆਂ ਸੌਗਾਤਾਂ ਲੈ ਕੇ ਆਉਂਦੇ ਹਨ ਅਤੇ ਇਸ ਵਾਰ ਵੀ ਕਰੋੜਾਂ ਰੁਪਏ ਦੀਆਂ ਵਿਕਾਸ ਯੋਜਨਾਵਾਂ ਦਾ ਲੋਕ ਅਰਪਣ ਅਤੇ ਸ਼ੁਭ ਆਰੰਭ ਕਰਨਗੇ। ਅਕਸ਼ੈ ਸ਼ਰਮਾ ਨੇ ਕਿਹਾ ਕਿ ਆਪਣੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਜਲੰਧਰ ਕੈਂਟ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਮੁੜ ਵਿਕਸਤ ਅਤੇ ਆਧੁਨਿਕ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿੱਥੇ ਆਧੁਨਿਕ ਵੇਟਿੰਗ ਹਾਲ, ਮੁਫ਼ਤ ਵਾਈ-ਫਾਈ, ਉੱਨਤ ਪਲੇਟਫਾਰਮ, ਫੂਡ ਕੋਰਟ ਅਤੇ ਬਜ਼ੁਰਗਾਂ, ਦਿਵਿਆਂਗਾਂ ਅਤੇ ਬੱਚਿਆਂ ਦੀ ਸਹੂਲਤ ਲਈ ਐਸਕੇਲੇਟਰ ਸਮੇਤ ਕਈ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ। ਅਕਸ਼ੈ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ ਸੂਬੇ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਪੰਜਾਬ ਭਾਜਪਾ ਦੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਿਕਾਸ ਅਤੇ ਲੋਕ ਭਲਾਈ ਦੀਆਂ ਨੀਤੀਆਂ ਦੇ ਆਧਾਰ 'ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਵੇਗੀ।