ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਮਾਸ ਮੀਡੀਆ ਵਿੰਗ ਦੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਲਖਵਿੰਦਰ ਕੈਂਥ ਅਤੇ ਡਾ. ਪ੍ਰਭਦੀਪ ਸਿੰਘ ਚਾਵਲਾ ਵੱਲੋਂ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ ਵਿੱਚ ਮੁਫ਼ਤ ਉਪਲਬਧ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲੋਕਾਂ ਨੂੰ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਲਈ ਮਾਤਾ ਅਤੇ ਬਾਲ ਸਿਹਤ ਸੇਵਾਵਾਂ, ਨਿਯਮਤ ਟੀਕਾਕਰਨ, ਐਮਰਜੈਂਸੀ ਸੇਵਾਵਾਂ, ਮੁਫ਼ਤ ਜਾਂਚਾਂ, ਜਨ ਔਸ਼ਧੀ ਕੇਂਦਰਾਂ ਰਾਹੀਂ ਸਸਤੀਆਂ ਦਵਾਈਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਇਸ ਜਾਗਰੂਕਤਾ ਮੁਹਿੰਮ ਦੌਰਾਨ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਗਈ ਜਾਣਕਾਰੀ ਸਮੱਗਰੀ ਅਤੇ ਪਰਚੇ ਵੀ ਲੋਕਾਂ ਵਿੱਚ ਵੰਡੇ ਗਏ, ਤਾਂ ਜੋ ਉਹ ਸਰਕਾਰੀ ਸਿਹਤ ਸੇਵਾਵਾਂ ਅਤੇ ਯੋਜਨਾਵਾਂ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਕੇ ਸਮੇਂ ਸਿਰ ਇਨ੍ਹਾਂ ਦਾ ਲਾਭ ਲੈ ਸਕਣ।