ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਪੱਤਣ ਸਤਲੁਜ ਦਰਿਆ ਦੇ ਕੰਢੇ 'ਤੇ ਕਰਵਾਏ ਸ਼ਹੀਦੀ ਸਮਾਗਮ ਵਿੱਚ ਐਲਾਨ ਕੀਤਾ ਸੀ ਕਿ ਹਰੀਕੇ ਪੱਤਣ ਦਾ ਨਾਂ ਅੱਜ ਤੋਂ ਸ਼ਹੀਦੀ ਪੱਤਣ ਹੋਵੇਗਾ। ਜਿਸ ਨੂੰ ਲੈ ਕੇ ਅੱਜ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਨੇ ਹਰੀਕੇ ਪੱਤਣ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰਾਂ ਅਤੇ ਸ਼ਹੀਦੀ ਪੱਤਣ ਲਿਖ ਕੇ ਬੋਰਡ ਲਗਾ ਦਿੱਤੇ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਰਵਉੱਚ ਹੈ ਜੋ ਲਾਗੂ ਹੋਣਾ ਚਾਹੀਦਾ ਹੈ। ਜੇ ਇਸ ਬੋਰਡ ਨੂੰ ਕੋਈ ਉਤਾਰਦਾ ਹੈ ਤਾਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੰਗਾਰ ਅਤੇ ਚੁਣੌਤੀ ਹੋਵੇਗੀ, ਖ਼ਾਲਸਾ ਪੰਥ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਸਿੱਖ ਸੰਘਰਸ਼ ਦੇ ਨਾਇਕ, ਮਨੁੱਖੀ ਹੱਕਾਂ ਦੇ ਪਹਿਰੇਦਾਰ ਅਤੇ 25 ਹਜ਼ਾਰ ਲਾਵਾਰਿਸ ਲਾਸ਼ਾਂ ਦੇ ਵਾਰਿਸ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੁਲਿਸ ਵੱਲੋਂ ਸ਼ਹੀਦ ਕਰਕੇ ਇਸੇ ਹਰੀਕੇ ਦਰਿਆ ਵਿੱਚ ਸੁੱਟ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਹਨਾਂ ਸ਼ਹੀਦਾਂ ਦੀ ਯਾਦਗਾਰ ਵੀ ਛੇਤੀ ਸਥਾਪਿਤ ਕਰੇ ਅਤੇ 1982 ਤੋਂ 1995 ਤਕ ਜਿੰਨੇ ਵੀ ਸਿੰਘਾਂ-ਸਿੰਘਣੀਆਂ ਦੇ ਝੂਠੇ ਅਤੇ ਅਸਲ ਪੁਲਿਸ ਮੁਕਾਬਲੇ ਬਣਾਏ ਗਏ ਹਨ, ਜਿਨ੍ਹਾਂ ਨੂੰ ਅਗਵਾ ਕਰਕੇ ਲਾਪਤਾ ਕੀਤਾ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਸ ਕਹਿ ਕੇ ਸਾੜ ਦਿੱਤਾ, ਜਿਨ੍ਹਾਂ ਦੀਆਂ ਸ਼ਹੀਦੀ ਦੇਹਾਂ ਦਰਿਆਵਾਂ ਅਤੇ ਨਹਿਰਾਂ ਵਿੱਚ ਰੋੜ੍ਹ ਦਿੱਤੀਆਂ, ਜਿਨ੍ਹਾਂ ਨੂੰ ਕਿਤੇ ਮਾਰ-ਖਪਾ ਅਤੇ ਦੱਬ ਦਿੱਤਾ ਗਿਆ। ਜੇ ਸ਼੍ਰੋਮਣੀ ਕਮੇਟੀ ਇਮਾਨਦਾਰੀ ਨਾਲ ਕੰਮ ਕਰੇ ਤਾਂ ਸੱਚਮੁੱਚ ਇਹ ਕਾਰਜ ਇੱਕ ਸਾਲ ਵਿੱਚ ਹੀ ਪੂਰਾ ਕੀਤਾ ਜਾ ਸਕਦਾ, ਜਥੇਬੰਦੀਆਂ ਅਤੇ ਸੰਗਤਾਂ ਆਪ ਮੁਹਾਰੇ ਹੀ ਉਹਨਾਂ ਦਾ ਸਾਥ ਦੇਣਗੀਆਂ। ਸਿੱਖ ਨੌਜਵਾਨ ਅਤੇ ਸੰਗਤਾਂ ਤਾਂ ਖੁਦ ਆਪੋ-ਆਪਣੇ ਪਿੰਡਾਂ ਦਾ ਰਿਕਾਰਡ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਪੁੱਜਣਗੀਆਂ।