ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ. ਜਸਪ੍ਰੀਤ ਸਿੰਘ ਗਿੱਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪਟਿਆਲਾ ਕੈਂਪਸ ਦਾ ਦੌਰਾ ਕੀਤਾ, ਜਿੱਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਗਿੱਲ ਨੇ ਯੂਨੀਵਰਸਿਟੀ ਦੇ ਕੈਂਪਸ, ਖੇਡ ਸਹੂਲਤਾਂ, ਅਕਾਦਮਿਕ ਢਾਂਚੇ ਅਤੇ ਖਿਡਾਰੀਆਂ ਲਈ ਸਿਰਜੇ ਜਾ ਰਹੇ ਮਾਹੌਲ ਬਾਰੇ ਜਾਣਕਾਰੀ ਹਾਸਲ ਕੀਤੀ। ਯੂਨੀਵਰਸਿਟੀ ਦੀ ਕਾਰਜਸ਼ੈਲੀ ਅਤੇ ਭਵਿੱਖੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਸ. ਜਸਪ੍ਰੀਤ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਦਰਸ਼ਨ ਕਰਨ ਦੀ ਸਮਰੱਥਾ ਰੱਖਣ ਵਾਲੇ 100 ਚੋਣਵੇਂ ਖਿਡਾਰੀਆਂ ਦੀ ਡਾਈਟ ਲਈ ਉਹ ਹਰ ਸਾਲ ਕੁੱਲ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਦੀ ਸਫਲਤਾ ਵਿੱਚ ਬਿਹਤਰ ਸਿਖਲਾਈ ਦੇ ਨਾਲ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਯੂਨੀਵਰਸਿਟੀ ਦੇ ਖੇਡ ਮਿਸ਼ਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਦੇਸ਼ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਬਿਹਤਰੀਨ ਖਿਡਾਰੀ ਤਿਆਰ ਕਰਨ ਦਾ ਇੱਕ ਪ੍ਰਮੁੱਖ ਕੇਂਦਰ ਬਣੇਗੀ।