ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਨਗਰ ਕੌਂਸਲ ਚੋਣਾਂ ਵਿੱਚ ਜੇਤੂ ਰਹੀਆਂ ਭਾਜਪਾ ਕੌਂਸਲਰਾਂ ਮੋਨਿਕਾ ਗੋਇਲ ਅਤੇ ਮੀਨਾ ਰਾਣੀ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ 'ਤੇ ਸਾਰਥਕ ਚਰਚਾ ਕੀਤੀ ਗਈ। ਭਾਜਪਾ ਆਗੂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ ਦੌਰਾਨ ਪੰਜਾਬ ਖ਼ਾਸ ਕਰਕੇ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਸੁਨਾਮ ਦੇ ਜੰਮਪਲ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਕੇਂਦਰੀ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੀਆਂ ਜੇਤੂ ਕੌਂਸਲਰਾਂ ਮੋਨਿਕਾ ਗੋਇਲ ਅਤੇ ਮੀਨਾ ਰਾਣੀ ਦਾ ਮੂੰਹ ਮਿੱਠਾ ਕਰਵਾਕੇ ਜਿੱਤ ਦੀ ਵਧਾਈ ਦਿੱਤੀ। ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਮਿਲਿਆ ਨਿੱਘਾ ਸਨੇਹ, ਦੂਰਅੰਦੇਸ਼ੀ ਸੋਚ ਅਤੇ ਮਾਰਗਦਰਸ਼ਨ ਹਮੇਸ਼ਾ ਸਾਡਾ ਹੌਸਲਾ ਵਧਾਉਂਦਾ ਰਹੇਗਾ। ਇਸ ਮੌਕੇ ਪਰਵਿੰਦਰ ਗੋਇਲ, ਰਿੰਕੂ ਆਲਮਪੁਰੀਆ ਵਿਸ਼ੇਸ਼ ਤੌਰ ਤੇ ਹਾਜਰ ਸਨ।