ਦੇਵੀਗੜ : ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ "ਮਿਸ਼ਨ ਹਰਿਆਲੀ" ਤਹਿਤ ਪੌਦੇ ਲਗਾਉਣ ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੁਹਿੰਮ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਕੂਲ ਕੈਂਪਸ ਅਤੇ ਇਸ ਦੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਵਿਦਿਆਰਥੀਆਂ ਨੇ ਨਾ ਸਿਰਫ਼ ਪੌਦੇ ਲਗਾਏ, ਸਗੋਂ ਉਨ੍ਹਾਂ ਦੀ ਨਿਰੰਤਰ ਦੇਖਭਾਲ ਅਤੇ ਪਾਲਣ-ਪੋਸ਼ਣ ਕਰਨ ਦਾ ਪ੍ਰਣ ਵੀ ਲਿਆ। ਇਸ ਦੇ ਨਾਲ ਹੀ ਬੱਚਿਆਂ ਨੇ ਹੱਥਾਂ ਵਿੱਚ ਵਾਤਾਵਰਣ ਸੰਭਾਲ ਨਾਲ ਸਬੰਧਤ ਸਲੋਗਨ ਫੜ ਕੇ ਸਮਾਜ ਨੂੰ ਧਰਤੀ ਨੂੰ ਹਰੀ-ਭਰੀ ਬਣਾਉਣ ਅਤੇ ਰੁੱਖਾਂ ਦੀ ਕਟਾਈ ਰੋਕਣ ਦਾ ਹੋਕਾ ਦਿੱਤਾ। ਸਕੂਲ ਦੇ ਚੇਅਰਮੈਨ ਸ. ਹਰਦੀਪ ਸਿੰਘ ਸੰਧੂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਵੱਧ ਰਹੀ ਗਲੋਬਲ ਵਾਰਮਿੰਗ ਦੇ ਦੌਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਕਿਹਾ ਕਿ ਸਕੂਲ ਵੱਲੋਂ ਚਲਾਈ ਗਈ ਇਹ ਮੁਹਿੰਮ ਬੱਚਿਆਂ ਨੂੰ ਕੁਦਰਤ ਦੇ ਨੇੜੇ ਲਿਆਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਆਪਣੇ ਪਿੰਡਾਂ ਨੂੰ ਸਫ਼ਾਈ ਨਾਲ ਚਮਕਾ ਰਹੇ ਹਾਂ, ਉਸੇ ਤਰ੍ਹਾਂ ਰੁੱਖ ਲਗਾ ਕੇ ਵਾਤਾਵਰਣ ਨੂੰ ਵੀ ਸੁੰਦਰ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਨੈਤਿਕ ਕਦਰਾਂ-ਕੀਮਤਾਂ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।