ਮੋਗਾ : ਇੱਕ ਤਪਦੀ ਗਰਮੀ ਦੂਜੇ ਪਾਸੇ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਨੇ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ। ਜਿਥੇ ਇੱਕ ਪਾਸੇ ਦਿਨ ਦਾ ਤਾਪਮਾਨ 40 ਡਿਗਰੀ ਨੂੰ ਵੀ ਪਾਰ ਕਰ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕੂਨ ਨਾਮ ਦੀ ਚੀਜ਼ ਗਾਇਬ ਹੁੰਦੀ ਦਿਖਾਈ ਦੇ ਰਹੀ ਹੈ। ਕਿਸਾਨ ਖੇਤਾਂ ਵਿੱਚ ਝੋਨੇ ਦੀ ਫਸਲ ਨੂੰ ਬਿਜਲੀ ਨਾ ਹੋਣ ਕਾਰਨ ਪਾਣੀ ਪੂਰਾ ਨਹੀਂ ਦੇ ਸਕਦੇ। ਬਾਜ਼ਾਰਾਂ ਵਿੱਚ ਦੁਕਾਨਦਾਰਾਂ ਦਾ ਬਿਜਲੀ ਨਾ ਹੋਣ ਕਾਰਨ ਕਈ ਤਰ੍ਹਾਂ ਦੇ ਕੰਮ ਠੱਪ ਹੋ ਰਿਹਾ ਨੇ। ਜਿਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਜਲੀ ਸਰਪ੍ਰਸਤ ਹੋਣ ਦੇ ਦਾਅਵਿਆਂ 'ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ । ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਵਿਚਕਾਰ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਸਾਬਕਾ ਚੇਅਰਮੈਨ ਅਕਾਸ਼ਦੀਪ ਸਿੰਘ ਲਾਲੀ ਬੁੱਟਰ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਕੀਤੇ ਸਨ, ਪਰ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ 8 ਘੰਟਿਆਂ ਦੀ ਥਾਂ ਸਿਰਫ਼ 5-6 ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਨਾਲ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਸਾਬਕਾ ਐਮ.ਸੀ. ਬਿੱਟੂ ਅਤੇ ਸਮਾਜ ਸੇਵੀ ਤੇਜਿੰਦਰ ਸਿੰਘ ਰਾਮਾ ਦਾ ਕਹਿਣਾ ਹੈ ਕਿ ਬਿਜਲੀ ਨਾ ਹੋਣ ਕਾਰਨ ਜਨਰੇਟਰ ਚਲਾਉਣੇ ਪੈਂਦੇ ਹਨ, ਜਿਸ ਨਾਲ ਵਾਧੂ ਖਰਚ ਦੇ ਨਾਲ-ਨਾਲ ਪ੍ਰਦੂਸ਼ਣ ਵੀ ਵਧਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਥਾਈ ਹੱਲ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ਬਣਾਈ ਸੀ, ਪਰ ਅੱਜ ਉਹ ਆਪਣੇ ਫ਼ੈਸਲੇ 'ਤੇ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਬਿਜਲੀ ਕੱਟਾਂ ਨੇ ਆਮ ਲੋਕਾਂ ਦਾ ਜੀਵਨ ਬੇਹਾਲ ਕਰ ਦਿੱਤਾ ਹੈ।