ਫਰੀਦਕੋਟ, : ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਰੀਦਕੋਟ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ। ਅੱਜ ਵਕੀਲਾਂ ਨੇ ਕੋਰਟ ਕੰਪਲੈਕਸ ਵਿੱਚ ਵਕੀਲਾਂ ਦੇ ਦਫ਼ਤਰਾਂ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਤਾਲੇ ਲਾ ਕੇ ਬੰਦ ਕਰ ਦਿੱਤਾ, ਆਪਣੀਆਂ ਮੰਗਾਂ ਨੂੰ ਲੈ ਕੇ ਬਾਰ ਐਸੋਸੀਏਸ਼ਨ ਦੇ ਬੈਨਰ ਹੇਠ ਵੱਡੀ ਗਿਣਤੀ ਵਿੱਚ ਵਕੀਲ ਧਰਨੇ ’ਤੇ ਬੈਠੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਨੂੰ ਤੁਰਤ ਵਾਪਸ ਲੈਣ ਦੀ ਮੰਗ ਦੁਹਰਾਈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਜਗਪਾਲ ਸਿੰਘ ਬਰਾੜ ਨੇ ਕਿਹਾ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਵੱਲੋਂ ਲਾਗੂ ਕੀਤਾ ਗਿਆ ਇਹ ਸਿਸਟਮ ਵਕੀਲਾਂ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ, ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਕਾਰਨ ਆਮ ਅਤੇ ਨੌਜਵਾਨ ਵਕੀਲਾਂ ਕੋਲ ਆਉਣ ਵਾਲੇ ਕੇਸਾਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ, ਜਿਸ ਨਾਲ ਉਨ੍ਹਾਂ ਦੇ ਰੋਜ਼ਗਾਰ ਅਤੇ ਆਜੀਵਿਕਾ ’ਤੇ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਧਰਨੇ ਕਾਰਨ ਅਦਾਲਤੀ ਕੰਮਕਾਜ ਪ੍ਰਭਾਵਿਤ ਰਿਹਾ ਦੂਰਦੁਰਾਡੇ ਤੋਂ ਆਪਣੇ ਕੇਸਾਂ ਦੀ ਸੁਣਵਾਈ ਲਈ ਆਏ ਕਈ ਮੁਕੱਦਮੇਬਾਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸਮੂਹ ਸੀਨੀਅਰ, ਜੂਨੀਅਰ ਵਕੀਲ ਸਾਹਿਬਾਨ ਹਾਜ਼ਰ ਸਨ।