ਹੁਸ਼ਿਆਰਪੁਰ/ਗੜ੍ਹਸ਼ੰਕਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ। ਆਪਣੇ ਸੰਬੋਧਨ ਦੌਰਾਨ ਡਿਪਟੀ ਸਪੀਕਰ ਸ. ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਦ੍ਰਿੜ੍ਹ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਚੇਅਰਪਰਸਨਾਂ ਦੀ ਨਿਯੁਕਤੀ ਨਾਲ ਵੱਖ-ਵੱਖ ਬੋਰਡਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇਗਾ। ਇਸ ਸਮਾਗਮ ਵਿੱਚ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ, ਐਮ.ਸੀ. ਪ੍ਰਿੰਸ ਚੌਧਰੀ, ਬਲਾਕ ਪ੍ਰਧਾਨ ਗੁਲਸ਼ਨ ਠਾਕੁਰ, ਸਮੂਹ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ, ਪਾਰਟੀ ਦੇ ਆਗੂ ਅਤੇ ਵਰਕਰ, ਸਮਾਜ ਸੇਵੀ, ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।