ਦੇਵੀਗੜ : ਲੰਬੇ ਸਮੇਂ ਤੋਂ ਖਸਤਾ ਹਾਲਤ ਦਾ ਸਾਹਮਣਾ ਕਰ ਰਹੇ ਦੇਵੀਗੜ੍ਹ ਤੋਂ ਭੰਬੂਆਂ ਵਾਲੀ ਸੜਕ ਦੇ ਸੁਧਾਰ ਦਾ ਕੰਮ ਅੱਜ ਆਖ਼ਰਕਾਰ ਸ਼ੁਰੂ ਹੋ ਗਿਆ ਹੈ। ਇਸ ਸੜਕ ਦੇ ਨਵੀਨੀਕਰਨ ਅਤੇ ਪੱਥਰ ਪਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਕੀਤੀ ਗਈ। ਇਸ ਕਦਮ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਕਾਫੀ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕਰ ਰਹੇ ਸਨ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਕੰਮ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਖਾਸ ਕਰਕੇ ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਦੇਵੀਗੜ੍ਹ ਤੋਂ ਹਸਨਪੁਰ ਕੰਬੋਆਂ ਵਾਇਆ ਭੰਬੂਆਂ ਤੱਕ ਦੀ ਇਹ ਸੜਕ ਲੰਬੇ ਸਮੇਂ ਤੋਂ ਅਣਗੌਲੀ ਸੀ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੁੰਦੀ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਅਸੀਂ ਹਲਕੇ ਦੇ ਵਿਕਾਸ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਵਪਾਰ ਅਤੇ ਆਵਾਜਾਈ ਦੇ ਸਾਧਨਾਂ ਨੂੰ ਵੀ ਗਤੀ ਮਿਲੇਗੀ। ਇਸ ਮੌਕੇ ਨਗਰ ਪੰਚਾਇਤ ਦੇ ਅਧਿਕਾਰੀ, ਸਥਾਨਕ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਲਖਵੀਰ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੜਕ ਨਿਰਮਾਣ ਦੇ ਕੰਮ ਨੂੰ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸਹੂਲਤ ਮਿਲ ਸਕੇ।