ਖਰੜ : ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ, ਸਵਰਾਜ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਰਹਿਰਾਸ ਸਾਹਿਬ ਪਾਠ ਦੀ ਅਰਦਾਸ ਤੋਂ ਉਪਰਾਂਤ ਲੰਗਰ ਹਾਲ ਵਿੱਚ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ਦੇ ਅਧਾਰਤ ਬਣੀ ਫਿਲਮ ’ਸਤਲੁਜ’ ਵੱਡੀ ਸਕਰੀਨ ਲਗਾ ਕੇ ਦਿਖਾਈ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਜਸਪਾਲ ਸਿੰਘ ਤੇ ਜਸਵੀਰ ਸਿੰਘ ਸੰਧੂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਪਹੁੰਚ ਕੇ ਫਿਲਮ ਨੂੰ ਦੇਖਿਆ ਗਿਆ। ਫਿਲਮ ਪਿਛਲੇ ਕੁਝ ਦ੍ਰਿਸ਼ਾਂ ਨੂੰ ਦੇਖ ਕੇ ਸੰਗਤ ਵੱਲੋਂ ’ਬੋਲੇ ਸੋ ਨਿਹਾਲ ਦੇ ਜੈਕਾਰੇ’ ਵੀ ਲਗਾਏ ਗਏ। ਉਹਨਾਂ ਕਿਹਾ ਕਿ ਭਾਵੇਂ ਇਸ ਫਿਲਮ ਨੂੰ ਵੱਡੇ ਪਰਦੇ ਤੇ ਰਿਲੀਜ਼ ਨਹੀਂ ਹੋਣ ਦਿੱਤਾ ਗਿਆ, ਪਰ ਫਿਲਮ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ। ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਜਦੋਂ ਪੰਜਾਬ ਦੇ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰ ਕੇ ਉਹਨਾਂ ਦੀਆਂ ਲਾਸ਼ਾਂ ਨੂੰ ਅਣਪਛਾਤੀਆਂ ਕਹਿ ਕੇ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ, ਤਾਂ ਭਾਈ ਜਸਵੰਤ ਸਿੰਘ ਖਾਲੜੇ ਨੇ ਆਪਣੀ ਜਾਨ ਦੀ ਪਰਵਾਹ ਨਾ ਕੀਤੀ ਬਿਨਾਂ ਇਸ ਸੱਚ ਨੂੰ ਦੁਨੀਆਂ ਦੇ ਸਾਹਮਣੇ ਲਿਆਂਦਾ ਸੀ। ਫਿਲਮ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਵੀ ਛਕਾਇਆ ਗਿਆ।