ਸੰਗਰੂਰ : ਭਵਾਨੀਗੜ੍ਹ ਨਵੇਂ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਜਗਤਾਰ ਸਿੰਘ (62) ਵਾਸੀ ਸੇਖਾ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਪਤਨੀ ਰਛਪਾਲ ਕੌਰ (59) ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਮ੍ਰਿਤਕਾ ਦੇ ਭਰਾ ਹਰਜਿੰਦਰ ਸਿੰਘ ਵੱਲੋਂ ਥਾਣਾ ਭਵਾਨੀਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਜਗਤਾਰ ਸਿੰਘ ਅਤੇ ਭਰਜਾਈ ਰਛਪਾਲ ਕੌਰ ਅੱਜ ਸਵੇਰੇ ਪਿੰਡ ਸੇਖਾਂ ਤੋਂ ਸਮਾਣਾ ਵੱਲ ਦਵਾਈ ਲੈਣ ਲਈ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਮੋਟਰਸਾਈਕਲ ਭਵਾਨੀਗੜ੍ਹ ਦੇ ਬੱਸ ਸਟੈਂਡ ਨੇੜੇ ਪਹੁੰਚਿਆ, ਤਾਂ ਪਿੱਛੋਂ ਆ ਰਹੇ ਇੱਕ ਟਰੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਕਾਰਨ ਜਗਤਾਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਰਛਪਾਲ ਕੌਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉੱਤਰਾਖੰਡ ਨਾਲ ਸਬੰਧਤ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ (ਪਰਿਵਾਰ) ਦੇ ਹਵਾਲੇ ਕਰ ਦਿੱਤੀ ਹੈ।