ਮੋਰਿੰਡਾ : ਮੋਰਿੰਡਾ ਸ਼ਹਿਰ ਵਿੱਚ ਸਫਾਈ ਵਿਵਸਥਾ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਕੂੜਾ ਨਿਪਟਾਰੇ ਦੀ ਸਮੱਸਿਆ ਦਾ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਨਿਕਲ ਸਕਿਆ। ਹੁਣ ਸਫਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ 10ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਪੂਰਾ ਸ਼ਹਿਰ ਕੂੜੇ ਦੇ ਢੇਰਾਂ ਵਿੱਚ ਤਬਦੀਲ ਹੁੰਦਾ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ 150 ਟਨ ਤੋਂ ਵੱਧ ਕੂੜਾ ਇਕੱਠਾ ਹੋ ਚੁੱਕਾ ਹੈ। ਉੱਧਰ, ਨਗਰ ਕੌਂਸਲ ਵੱਲੋਂ ਨਿਯਮਤ ਸਫਾਈ ਅਤੇ ਫੋਗਿੰਗ ਨਾ ਹੋਣ ਕਾਰਨ ਲੋਕਾਂ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਗਿਆ ਹੈ। ਕਰੀਬ ਇੱਕ ਸਾਲ ਪਹਿਲਾਂ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਮੋਰਿੰਡਾ ਦਾ ਅਚਾਨਕ ਦੌਰਾ ਕਰਕੇ ਸੀਵਰੇਜ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਨਗਰ ਕੌਂਸਲ ਕੂੜੇ ਦੇ ਇਕੱਠ, ਛਾਂਟੀ ਅਤੇ ਨਿਪਟਾਰੇ ਲਈ ਕੋਈ ਪੱਕੀ ਵਿਵਸਥਾ ਨਹੀਂ ਕਰ ਸਕੀ। ਦੂਜੇ ਪਾਸੇ, 140 ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੂੜਾ ਚੁੱਕਣ ਦਾ ਕੰਮ ਪੂਰੀ ਤਰ੍ਹਾਂ ਠੱਪ ਪਿਆ ਹੋਇਆ ਹੈ। ਸੈਨੇਟਰੀ ਵਿਭਾਗ ਅਨੁਸਾਰ ਸ਼ਹਿਰ ਵਿੱਚ ਹਰ ਰੋਜ਼ 15 ਟਨ ਤੋਂ ਵੱਧ ਕੂੜਾ ਪੈਦਾ ਹੁੰਦਾ ਹੈ, ਜਿਸ ਨਾਲ ਹਰ ਦਿਨ ਸਥਿਤੀ ਹੋਰ ਗੰਭੀਰ ਬਣਦੀ ਜਾ ਰਹੀ ਹੈ। ਇਸ ਵੇਲੇ ਕੂੜਾ ਜੀਰਕਪੁਰ ਅਤੇ ਲਾਲੜੂ ਭੇਜਣ ਲਈ ਇੱਕ ਨਿੱਜੀ ਕੰਪਨੀ ਨੂੰ 180 /- ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾ ਰਿਹਾ ਹੈ, ਜਿਸ 'ਤੇ ਹਰ ਮਹੀਨੇ ਲੱਖਾਂ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰਾ ਸ਼ਹਿਰ ਕੂੜੇ ਦੇ ਢੇਰਾਂ ਹੇਠ ਦੱਬਿਆ ਹੋਇਆ ਹੈ ਅਤੇ ਇਸ ਕਾਰਨ ਲੋਕਾਂ ਦੀ ਸਿਹਤ ਗੰਭੀਰ ਖਤਰੇ ਵਿੱਚ ਹੈ। ਉਨ੍ਹਾਂ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਤੁਰੰਤ ਵਿਸ਼ੇਸ਼ ਸਫਾਈ ਮੁਹਿੰਮ ਚਲਾ ਕੇ ਕੂੜਾ ਚੁੱਕਣ, ਨਿਯਮਤ ਸਫਾਈ ਅਤੇ ਫੋਗਿੰਗ ਯਕੀਨੀ ਬਣਾਉਣ ਦੀ ਮੰਗ ਕੀਤੀ।
ਫੋਟੋ ਕੈਪਸ਼ਨ:
1. ਹੜਤਾਲ ਦੇ 10ਵੇਂ ਦਿਨ ਧਰਨੇ 'ਤੇ ਬੈਠੇ ਸਫਾਈ ਕਰਮਚਾਰੀ।
2. ਮੋਰਿੰਡਾ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰ।