ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਜੌਹਰੀ ਪਰਿਵਾਰ ਵੱਲੋਂ ਜੌਹਰੀ ਬੇਨਅਕੁਟ ਵਿਖੇ ਆਯੋਜਿਤ ਮੀਡੀਆ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਸਮਾਣਾ ਦੇ ਪੱਤਰਕਾਰ ਭਾਈਚਾਰੇ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਾਨ ਸਰਕਾਰ ਵੱਲੋਂ ਹਲਕਾ ਸਮਾਣਾ ਵਿੱਚ ਕਰਵਾਏ ਜਾ ਰਹੇ ਅਤੇ ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਸ ਬਰਸਟ ਨੇ ਕਿਹਾ ਕਿ ਮੀਡੀਆ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸੇ ਲਈ ਇਸ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਲਈ ਮੀਡੀਆ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜੌਹਰੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਿਵਾਰ ਸਮਾਜ ਸੇਵਾ ਦੇ ਖੇਤਰ ਵਿੱਚ ਨਿਰੰਤਰ ਸ਼ਲਾਘਾਯੋਗ ਯੋਗਦਾਨ ਪਾ ਰਿਹਾ ਹੈ ਅਤੇ ਉਦਯੋਗਿਕ ਪੱਖ ਤੋਂ ਪਰਿਵਾਰ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਉੱਚ ਪੱਧਰੀ ਗੁਣਵੱਤਾ ਨਾਲ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਵਿੱਚ ਸਮਾਣਾ ਦਾ ਨਾਮ ਰੌਸ਼ਨ ਕੀਤਾ ਹੈ। ਇਹ ਹਰ ਸਮਾਣਾ ਵਾਸੀ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਜੋੜਨ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।