ਲੁਧਿਆਣਾ : ਹਲਕਾ ਗਿੱਲ ਦੇ ਪਿੰਡ ਜੱਸੀਆ ਦੀ ਕਲੋਨੀ ਗ੍ਰੀਨ ਇਨਕਲੇਵ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ-ਘਰ ਮਿਲਣੀ ਪ੍ਰੋਗਰਾਮ ਤਹਿਤ ਯੁਗਿਤਾ ਜੈਨ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਇਲਾਕਾ ਵਾਸੀਆਂ ਨੇ ਆਪਣੇ ਖੇਤਰ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਲੋਕ ਮੁੱਦੇ ਹਰਪ੍ਰੀਤ ਸਿੰਘ ਸਿਮਕ ਦੇ ਧਿਆਨ ਵਿੱਚ ਲਿਆਂਦੇ। ਨਿਵਾਸੀਆਂ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ।ਇਸ ਮੌਕੇ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ ਸਿਮਕ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਰਫ਼ ਵਾਅਦਿਆਂ ਅਤੇ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਫਲੈਕਸਾਂ 'ਤੇ ਵਾਅਦਾ ਪੂਰਾ ਹੋਣ ਦੇ ਦਾਅਵੇ ਲਿਖਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਸਗੋਂ ਗਰਾਊਂਡ ਲੈਵਲ 'ਤੇ ਕੰਮ ਕਰਕੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਉਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਰ ਪੱਧਰ 'ਤੇ ਉਠਾਉਂਦਾ ਰਹੇਗਾ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।