ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਇਲਾਵਾ ਸ਼ਹਿਰ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਨਗਰ ਕੌਂਸਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸੂਬੇ ਦੀ ਸਰਕਾਰ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਅੰਦਰ ਕਈ ਪ੍ਰਾਜੈਕਟ ਬਣਕੇ ਤਿਆਰ ਹੋ ਚੁੱਕੇ ਹਨ ਅਤੇ ਕਈਆਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਅੰਦਰ ਪਾਰਦਰਸ਼ੀ ਪ੍ਰਬੰਧ ਦਿੱਤਾ ਜਾਵੇਗਾ, ਬਿਨਾਂ ਕਿਸੇ ਵਿਤਕਰੇ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ। ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਮੌਕੇ ਆਖਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹਿਯੋਗ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਲਈ ਯਤਨ ਕੀਤੇ ਜਾਣਗੇ। ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਫਾਈਲ 20--- ਬਾਂਸਲ ਸੁਨਾਮ