ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਇੱਕ ਵੱਡੀ ਅਨੁਸ਼ਾਸਨੀ ਕਾਰਵਾਈ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਕਮਪੇਨ ਕਮੇਟੀ ਦੇ ਚੇਅਰਮੈਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਵਿਜੇ ਸ਼ਰਮਾ ਟਿੰਕੂ ਦੇ ਗ੍ਰਹਿ ਵਿਖੇ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਬਾਗੀ ਹੋਏ ਕਾਂਗਰਸੀ ਆਗੂਆਂ ਰਣਜੋਧ ਸਿੰਘ ਖੱਟੜਾ ਅਤੇ ਬਿਕਰਮ ਬੱਤਾ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਸ਼ਹਿਰ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਕੌਂਸਲਰਾਂ ਦੀ ਹੋਈ ਮੀਟਿੰਗ ਵਿੱਚ ਆਪਸੀ ਸਹਿਮਤੀ ਨਾਲ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਕਤ ਦੋਵਾਂ ਆਗੂਆਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰ ਦਾ ਵਿਰੋਧ ਕਰਕੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਚੰਨੀ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਭਵਿੱਖ ਵਿੱਚ ਪਾਰਟੀ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਹੋਰ ਆਗੂਆਂ ਖ਼ਿਲਾਫ਼ ਵੀ ਅਜਿਹੀ ਹੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਕਾਂਗਰਸ ਅੰਦਰ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਦੇ ਸਮੂਹ ਕਾਂਗਰਸੀ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟਤਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।