ਭਵਾਨੀਗੜ੍ਹ : ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੀ ਲੜੀ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਪਿਆਲ ਵਿਖੇ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਗਏ ਆਧੁਨਿਕ 'ਮੁੱਖ ਮੰਤਰੀ ਜਿੰਮ' ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਦਾ ਭਰਵਾਂ ਸਵਾਗਤ ਕੀਤਾ ਗਿਆ। ਜਿੰਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਅਤੇ ਜਿੰਮਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕਪਿਆਲ ਪਿੰਡ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ।