ਸੁਨਾਮ : ਡਾਕਟਰੀ ਨਾਲ ਸਬੰਧਿਤ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਨੌਜਵਾਨਾਂ ਉੱਪਰ ਦਿੱਲੀ ਵਿਖੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗਲਵਾਰ ਨੂੰ ਸੁਨਾਮ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਸਰਕਾਰ ਵੱਲੋਂ ਬੇਰੁਜ਼ਗਾਰਾਂ ਉੱਤੇ ਕੀਤੇ ਜਾ ਰਹੇ ਅੰਨ੍ਹੇਵਾਹ ਤਸ਼ੱਦਦ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇਵਾਲਾ, ਯਾਦਵਿੰਦਰ ਸਿੰਘ ਚੱਠੇ ਨਕਟੇ, ਭਗਵਾਨ ਸਿੰਘ ਸੁਨਾਮ ਨੇ ਆਖਿਆ ਕਿ ਡਾਕਟਰੀ ਪੇਸ਼ੇ ਨਾਲ ਸਬੰਧਿਤ ਵੱਕਾਰੀ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੇ ਨੌਜਵਾਨਾਂ ਤੇ ਦਿੱਲੀ ਵਿਖੇ ਲਾਠੀਚਾਰਜ ਕਰਨਾ ਬੇਹੱਦ ਨਿੰਦਣਯੋਗ ਵਰਤਾਰਾ ਹੈ। ਉਨ੍ਹਾਂ ਆਖਿਆ ਕਿ ਨੀਟ ਪ੍ਰੀਖਿਆ ਦੇਣ ਲਈ ਬੱਚਿਆਂ ਨੂੰ ਸਾਲਾਂ ਬੱਧੀ ਤਿਆਰੀ ਕਰਨੀ ਪੈਂਦੀ ਹੈ ਅਜਿਹੇ ਮਾਮਲੇ ਵਿੱਚ ਪੇਪਰ ਲੀਕ ਹੋਣਾ ਸਰਕਾਰ ਦੀ ਨਾਅਹਿਲੀਅਤ ਦਰਸਾਉਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਪੰਜਾਬ ਅੰਦਰ ਬੇਰੁਜ਼ਗਾਰਾਂ ਤੇ ਅੰਨ੍ਹੇਵਾਹ ਤਸ਼ੱਦਦ ਕੀਤਾ ਜਾ ਰਿਹਾ ਹੈ, ਪੰਜਾਬ ਦੀ ਜਨਤਾ ਅਜਿਹੇ ਵਰਤਾਰੇ ਨੂੰ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਆਖਿਆ ਕਿ ਸਰਕਾਰ ਮਨਰੇਗਾ ਮੁਲਾਜ਼ਮਾਂ ਨੂੰ ਮਹੀਨਿਆਂ ਤੋਂ ਬਕਾਇਦਾ ਪਈ ਤਨਖਾਹ ਦੇਣ ਨੂੰ ਯਕੀਨੀ ਬਣਾਵੇ ਅਤੇ ਪੱਕੇ ਰੁਜ਼ਗਾਰ ਦੀ ਗਰੰਟੀ ਦੇਵੇ।