ਅਜਨਾਲਾ/ਰਾਮਦਾਸ : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਜਨਾਲਾ ਹਲਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ, ਪਰ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਬੰਨ੍ਹ ਤੱਕ ਨਹੀਂ ਪਹੁੰਚ ਸਕੇ। ਇਸ ਤੋਂ ਬਾਅਦ ਉਹ ਸ੍ਰੀ ਰਾਮਦਾਸ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉੱਥੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਸੀ, ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਟਰੈਕਟਰਾਂ ਲਈ ਡੀਜ਼ਲ ਦਾ ਸਾਰਾ ਖਰਚਾ ਉਹ ਖੁਦ ਚੁੱਕਣਗੇ ਤਾਂ ਜੋ ਸਮੇਂ ਸਿਰ ਬੰਨ੍ਹਾਂ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀਆਂ ਫਸਲਾਂ, ਪਸ਼ੂਆਂ ਅਤੇ ਪਿੰਡਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਲਈ ਲੋਕ ਸਿਰਫ਼ ਸਰਕਾਰ ਦੇ ਭਰੋਸੇ ਨਾ ਬੈਠਣ, ਸਗੋਂ ਆਪਸੀ ਸਹਿਯੋਗ ਨਾਲ ਆਪਣੇ ਪਿੰਡਾਂ ਅਤੇ ਖੇਤਾਂ ਦੀ ਰੱਖਿਆ ਲਈ ਅੱਗੇ ਆਉਣ। ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦਿਵਾਇਆ ਕਿ ਜਿੱਥੇ ਵੀ ਲੋੜ ਪਈ ਉਹ ਖੁਦ ਮੌਕੇ ’ਤੇ ਪਹੁੰਚਣਗੇ ਅਤੇ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਹਾਲਤ ਵਿੱਚ ਕਿਸਾਨਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਡਟ ਕੇ ਖੜ੍ਹਾ ਰਹੇਗਾ।