ਲੁਧਿਆਣਾ : ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਸਰੀਹ ਅਤੇ ਹਰਪਾਲ ਸਿੰਘ ਪਾਲੀ ਆਲਮਗੀਰ ਨੇ ਜੰਤਰ-ਮੰਤਰ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਵਿਦਿਆਰਥੀਆਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਦੀਆਂ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਵਰਗ ਆਪਣੇ ਭਵਿੱਖ ਅਤੇ ਰੁਜ਼ਗਾਰ ਨੂੰ ਲੈ ਕੇ ਪਹਿਲਾਂ ਹੀ ਚਿੰਤਤ ਹੈ। ਅਜਿਹੇ ਸਮੇਂ ਵਿੱਚ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰਸਾਉਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰ-ਵਾਰ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਦੀ ਮਿਹਨਤ ਅਤੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਨੈਤਿਕ ਜ਼ਿੰਮੇਵਾਰੀ ਨੂੰ ਸਵੀਕਾਰ ਕਰਦਿਆਂ ਸਿੱਖਿਆ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸਰਕਾਰ ਦਾ ਫ਼ਰਜ਼ ਹੈ ਕਿ ਉਹ ਨੌਜਵਾਨਾਂ ਦੀ ਆਵਾਜ਼ ਸੁਣੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇ, ਨਾ ਕਿ ਪੁਲਿਸ ਬਲ ਦੇ ਸਹਾਰੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰੇ। ਦੋਵਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ 'ਤੇ ਕੀਤੇ ਗਏ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਦੇਸ਼ ਦੇ ਨੌਜਵਾਨਾਂ ਵਿੱਚ ਪੈਦਾ ਹੋ ਰਹੀ ਨਿਰਾਸ਼ਾ ਨੂੰ ਦੂਰ ਕੀਤਾ ਜਾਵੇ।