ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਅਤੇ ਖੰਨਾ ਵਿੱਚ ਮਨਰੇਗਾ ਕਾਮਿਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਪ੍ਰਗਟ ਕੀਤਾ ਗਿਆ ਰੋਸ ਦੇਸ਼ ਦੇ ਨੌਜਵਾਨਾਂ ਅੰਦਰ ਵਧ ਰਹੀ ਬੇਚੈਨੀ ਅਤੇ ਨਿਰਾਸ਼ਾ ਦਾ ਪ੍ਰਤੀਕ ਹੈ। ਪ੍ਰੀਖਿਆ ਪ੍ਰਣਾਲੀ ਵਿੱਚ ਘੁਟਾਲੇ, ਮਹਿੰਗੀ ਹੋ ਰਹੀ ਸਿੱਖਿਆ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਨੌਜਵਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਉਨ੍ਹਾਂ ’ਤੇ ਜਬਰ ਕਰਨਾ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਅਤੇ ਆਲੇ-ਦੁਆਲੇ ਦੇ ਰਾਜਾਂ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਲਿਸ ਵੱਲੋਂ ਲਾਠੀਆਂ ਨਾਲ ਕੁੱਟਿਆ ਗਿਆ, ਘੜੀਸਿਆ ਗਿਆ ਅਤੇ ਉਨ੍ਹਾਂ ਦੀ ਸ਼ਾਂਤਮਈ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਬਿਲਕੁਲ ਵੀ ਬਰਦਾਸ਼ਤਯੋਗ ਨਹੀਂ ਹੈ। ਇਸੇ ਤਰ੍ਹਾਂ ਉਨ੍ਹਾਂ ਖੰਨਾ ਵਿੱਚ ਮਨਰੇਗਾ ਕਾਮਿਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਅਤੇ ਨੌਜਵਾਨਾਂ ’ਤੇ ਜਬਰ ਕਰਨਾ ਲੋਕਤੰਤਰੀ ਹੱਕਾਂ ਦਾ ਘਾਣ ਹੈ। ਇਸ ਜਬਰ ਦੇ ਵਿਰੋਧ ਅਤੇ ਵਿਦਿਆਰਥੀਆਂ, ਨੌਜਵਾਨਾਂ ਅਤੇ ਮਨਰੇਗਾ ਕਾਮਿਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਨੇ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਇਸ ਜਬਰ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਜਥੇਬੰਦੀ ਨੇ ਸਮੂਹ ਲੋਕ ਪੱਖੀ, ਜਮਹੂਰੀ ਅਤੇ ਇਨਸਾਫ਼ਪਸੰਦ ਤਾਕਤਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ, ਨੌਜਵਾਨਾਂ ਅਤੇ ਮਜ਼ਦੂਰਾਂ ’ਤੇ ਹੋ ਰਹੇ ਜਬਰ ਦੇ ਖ਼ਿਲਾਫ਼ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ।
ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਜਸਪਾਲ ਸਿੰਘ ਧੰਗਈ, ਜਗਜੀਵਨ ਸਿੰਘ ਤਲਵੰਡੀ,ਡਾ ਪਰਮਿੰਦਰ ਸਿੰਘ ਪੰਡੋਰੀ,ਗੁਰਭੇਜ ਸਿੰਘ ਕਠਾਣੀਆ ,ਕੁਲਬੀਰ ਸਿੰਘ ਜੇਠੂਵਾਲ ,ਸਤਿੰਦਰ ਸਿੰਘ ਫਤਹਿਗੜ ਸੁੱਕਰਚੱਕ,ਪ੍ਰਗਟ ਸਿੰਘ ਜਹਾਂਗੀਰ,ਪਰਗਟ ਸਿੰਘ ਚੜ੍ਹਪੁਰ, ਰੁਪਿੰਦਰ ਸਿੰਘ ਮੱਧੁਛਾਗਾ ,ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।