ਪਾਤੜਾਂ : ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚੋਂ ਲੰਘਦੇ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਅਤੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਟੋਲ ਪਲਾਜ਼ਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹਨਾਂ ਪ੍ਰਦਰਸ਼ਨਾਂ ਦੌਰਾਨ ਪੰਜਾਬ ਤੋਂ ਦਿੱਲੀ ਜਾਣ ਵਾਲੇ ਵਾਹਨ 12 ਤੋਂ ਤਿੰਨ ਵਜੇ ਤੱਕ ਬਿਨਾਂ ਪਰਚੀ ਤੋਂ ਲੰਘੇ। ਰੋਸ ਪ੍ਰਦਰਸ਼ਨਾਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕੁਲ ਹਿੰਦ ਕਿਸਾਨ ਸਭਾ 1936, ਜਮਹੂਰੀ ਕਿਸਾਨ ਸਭਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਰ ਮੁਕਤ ਸਮਝੌਤੇ ਨੂੰ ਖਤਮ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕੁੱਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਡਿਪਟੀ ਜਨਰਲ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ, ਜਮਹੂਰੀ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ ਨਿਆਲ, ਹਰਭਜਨ ਸਿੰਘ ਧੂਹੜ ਅਤੇ ਮਹਿਲਾ ਕਿਸਾਨ ਆਗੂ ਚਰਨਜੀਤ ਕੌਰ ਧੂੜੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਮਰੀਕਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਅੱਗੇ ਗੋਡੇ ਟੇਕ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤ ਮਜ਼ਦੂਰ ਆਗੂ ਰਾਮ ਚੰਦ ਚੁਨਾਗਰਾ, ਜਗਜੀਤ ਸਿੰਘ ਦੁਗਾਲ, ਸਾਹਿਬ ਸਿੰਘ ਦੁਤਾਲ, ਸੂਬੇਦਾਰ ਨਰਾਤਾ ਸਿੰਘ, ਬਲਵੀਰ ਸਿੰਘ ਦੇਧਨਾ, ਸੁਖਦੇਵ ਸਿੰਘ ਨਿਆਲ, ਗੁਰਜੰਟ ਸਿੰਘ ਬਣਵਾਲਾ, ਜਾਨਪਾਲ ਸਿੰਘ ਕਾਂਗਥਲਾ, ਸ਼ੁਬੇਗ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।