ਅੰਮ੍ਰਿਤਸਰ : ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵੱਲੋਂ ਹਫਤਾਵਰੀ ਅੰਮ੍ਰਿਤ ਵੇਲਾ ਕੀਰਤਨ ਸਮਾਗਮ ਗੰਡਾ ਸਿੰਘ ਕਲੋਨੀ ਵਿਖੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਗੁਰਬਾਣੀ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ, ਨਾਮ ਸਿਮਰਨ ਨਾਲ ਜੁੜਨ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਰਸਭਿੰਨੇ ਕੀਰਤਨ ਅਤੇ ਕਥਾ ਨੇ ਹਾਜ਼ਰ ਸੰਗਤਾਂ ਨੂੰ ਆਤਮਿਕ ਤੌਰ 'ਤੇ ਨਿਹਾਲ ਕੀਤਾ। ਸਮਾਗਮ ਉਪਰੰਤ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 25 ਜੁਲਾਈ ਤੋਂ 9 ਅਗਸਤ ਤੱਕ ਕੈਨੇਡਾ ਦੇ ਟੋਰਾਂਟੋ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਰਹੇ ਹਨ। ਇਸ ਦੌਰਾਨ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਘਰ ਦੇ ਸੰਦੇਸ਼ ਨਾਲ ਜੋੜਣਗੇ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਆਪਣੀਆਂ ਸੇਵਾਵਾਂ ਨਿਭਾਉਣਗੇ।ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਦੇ ਪ੍ਰਬੰਧਕਾਂ ਨੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੇ ਵਿਦੇਸ਼ੀ ਪ੍ਰਚਾਰ ਦੌਰੇ ਦੀ ਸਫਲਤਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਵਿਦੇਸ਼ਾਂ ਵਿੱਚ ਗੁਰਬਾਣੀ ਦਾ ਸੰਦੇਸ਼ ਪਹੁੰਚਾਉਣਾ ਸਮੁੱਚੇ ਪੰਥ ਲਈ ਮਾਣ ਵਾਲੀ ਗੱਲ ਹੈ। ਸੰਗਤਾਂ ਨੇ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦੇ ਕੇ ਸਫਲ ਪ੍ਰਚਾਰ ਯਾਤਰਾ ਦੀ ਕਾਮਨਾ ਕੀਤੀ।