ਕੋਟਕਪੂਰਾ : ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨੇੜੇ ਢਿੱਲਵਾ ਵਾਲਾ ਕੱਚਾ ਰਾਹ, ਖਤਾਨਾ ਦੇ ਵਿੱਚ ਹੋਏ ਕਤਲ ਮਾਮਲੇ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਕੋਟਕਪੂਰਾ ਵਿਖੇ ਵਾਪਰੇ ਦਿਨ-ਦਿਹਾੜੇ ਕਤਲ ਦੇ ਮਾਮਲੇ ਨੂੰ ਮਹਿਜ਼ ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੌਰਾਨੇ ਤਫਤੀਸ਼ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਠਾਣਾ ਸਿੰਘ ਅਤੇ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ, ਵਕੀਲ ਸਿੰਘ ਪੁੱਤਰ ਠਾਣਾ ਸਿੰਘ ਅਤੇ ਸੁੱਖਾ ਸਿੰਘ ਉਰਫ ਗੋਲੂ ਪੁੱਤਰ ਲਾਲਜੀਤ ਸਿੰਘ ਵਾਸੀਆਨ ਬੁਰਜ ਹਰੀਕਾ ਵਜੋ ਹੋਈ ਹੈ ਜੋ ਸਾਰੇ ਹੀ ਦੋਸ਼ੀ ਜੋ ਜਿਲ੍ਹਾ ਫਰੀਦਕੋਟ ਨਾਲ ਸੰਬੰਧਤ ਹਨ, ਦਿਲਬਾਗ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਨਾਨਕਸਰ ਜਿਲਾ ਫਰੀਦਕੋਟ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਢਲੀ ਪੁੱਛਗਿੱਛ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਜਗਦੀਪ ਸਿੰਘ ਉਰਫ਼ ਆਕਾਸ਼ ਅਤੇ ਮਹਿਕਦੀਪ ਕੌਰ ਪੁੱਤਰੀ ਵਕੀਲ ਸਿੰਘ ਪਿਛਲੇ ਕਰੀਬ 5–6 ਸਾਲਾਂ ਤੋਂ ਆਪਸੀ ਸੰਬੰਧ ਵਿੱਚ ਸਨ ਅਤੇ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਆਪਸੀ ਸਹਿਮਤੀ ਨਾਲ ਵਿਆਹ ਕਰਾਇਆ ਸੀ। ਪਰ ਦੋਵਾਂ ਦੇ ਪਰਿਵਾਰਕ ਮੈਂਬਰਾਂ ਦੀ ਅਸਹਿਮਤੀ ਕਾਰਨ ਦੋਸ਼ੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਇਲਾਵਾ, ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਅਤੇ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਮੁਕੱਦਮੇ ਦੇ ਹਰੇਕ ਪਹਿਲੂ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾ ਸਕੇ ਅਤੇ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਮਾਮਲੇ ਨਾਲ ਸਬੰਧਤ ਹੋਰ ਤੱਥਾਂ ਅਤੇ ਸੰਭਾਵਿਤ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 145 ਮਿਤੀ 21-07-26 ਅਧੀਨ ਧਾਰਾ 103(2),191(3),190 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ, ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।