ਪਟਿਆਲਾ : ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ 28 ਜੁਲਾਈ ਦੀ ਸ਼ਾਮ 6.30 ਵਜੇ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾਵੇਗਾ। ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮਹਾਨ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੌਰਾਨ ਸੰਗਤੀ ਰੂਪ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕਾਂ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਵੀ ਸ਼ਾਮਲ ਹੋਣਗੀਆਂ। ਸਲਾਹਕਾਰ ਦੀਪਕ ਬਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਪਹਿਲੀ ਵਾਰ 28 ਜੁਲਾਈ ਨੂੰ ਏਨੇ ਵੱਡੇ ਪੱਧਰ ’ਤੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਸ਼ਾਮ 6:30 ਵਜੇ ਇਹ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਪ੍ਰਬੰਧਕਾਂ ਨੂੰ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਨ ਸਹਿਯੋਗ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ, ਕ੍ਰਿਸ਼ਚਨ ਭਾਈਚਾਰੇ ਦਾ ਤਿਉਹਾਰ ਵੀ ਰਾਜ ਪੱਧਰੀ ਮਨਾਇਆ ਜਾ ਚੁੱਕਾ ਹੈ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਦਿਹਾੜਾ ਵੀ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਦਕਿ ਪੂਰੇ ਰਾਜ ਭਰ ਅੰਦਰ ਸਨਾਤਨ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਸਮਾਗਮ ਕਰਵਾਏ ਜਾ ਰਹੇ ਹਨ।