ਪਾਤੜਾਂ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਰੰਗਲਾ ਪੰਜਾਬ ਸਕੀਮ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਪੰਜ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਦੇ ਚੈੱਕ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਵੰਡੇ ਜਾ ਰਹੇ ਹਨ। ਇਸੇ ਲੜੀ ਤਹਿਤ ਉਨ੍ਹਾਂ ਧਨੇਠਾ, ਸਪਰਹੇੜੀ, ਨਵਾਂ ਪਿੰਡ ਕਲਵਾਨੂੰ, ਖਾਂਗ ਅਤੇ ਸ਼ੁਤਰਾਣਾ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਚੈੱਕ ਤਕਸੀਮ ਕੀਤੇ। ਚੈੱਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਰੰਗਲਾ ਪੰਜਾਬ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਸੂਬੇ ਦੇ ਹਾਲਾਤ ਬੇਹਦ ਮਾੜੇ ਹੋ ਗਏ ਸਨ। ਉਹਨਾਂ ਦੱਸਿਆ ਕਿ ਆਉਂਦੇ ਕੁਝ ਦਿਨਾਂ ਵਿੱਚ ਹਲਕੇ ਦੇ ਪਿੰਡਾਂ ਲਈ ਪੰਜ ਕਰੋੜ ਰੁਪਏ ਹੋਰ ਆ ਰਹੇ ਹਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਨ ਨਾਲ ਜਿੱਤ ਦਰਜ ਕਰਕੇ ਦੂਜੀ ਵਾਰ ਸਰਕਾਰ ਬਣਾਵੇਗੀ।