ਸੰਗਰੂਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕੀਤੇ ਜਾ ਰਹੇ ਸੁਧਾਰਾਂ ਦੇ ਮੱਦੇਨਜ਼ਰ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਤੇ ਲਗਾਤਾਰ ਬਣਾਏ ਜਾ ਰਹੇ ਹਨ ਅਤੇ ਉਹਨਾਂ ਦੀਆਂ ਇਮਾਰਤਾਂ ਵੀ ਮਾਡਰਨ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਦੀ ਤਿੰਨ ਮੰਜ਼ਿਲਾਂ ਇਮਾਰਤ ਦੀ ਉਸਾਰੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰੀਬ 09 ਕਰੋੜ ਰੁਪਏ ਦੀ ਹੋਰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਕਾਮਰੇਡ ਭੀਮ ਸਿੰਘ ਸਕੂਲ ਆਫ ਐਮੀਨੈਂਸ ਲਈ ਹੁਣ ਤਕ ਕਰੀਬ 12 ਕਰੋੜ ਦੇ ਕਰੀਬ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਦੀ ਇਮਾਰਤ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ। ਇਸ ਤੋਂ ਪਹਿਲਾਂ 02 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਸੀ, ਜਿਸ ਨਾਲ ਇਮਾਰਤ ਦਾ ਕੰਮ ਚੱਲ ਰਿਹਾ ਹੈ ਅਤੇ ਹੁਣ ਵਿਭਾਗ ਵੱਲੋਂ 09.13 ਕਰੋੜ ਦੀ ਦੂਜੀ ਕਿਸ਼ਤ ਵੀ ਜਾਰੀ ਕਰ ਦਿੱਤੀ ਗਈ ਹੈ। ਸਕੂਲਾਂ ਅੰਦਰ ਸਮਾਰਟ ਕਲਾਸਾਂ ਬਣਾ ਕੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਮੁਕਾਬਲੇ ਲਈ ਖੜੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਕੀਤੇ ਯਤਨਾਂ ਸਦਕਾ ਇਸ ਵਾਰ 700 ਤੋਂ ਵੱਧ ਵਿਦਿਆਰਥੀਆਂ ਨੇ ਨੀਟ ਦਾ ਟੈਸਟ ਪਾਸ ਕੀਤਾ ਹੈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਵਿੱਚ ਵੀ ਪ੍ਰਾਪਤੀਆਂ ਕਰ ਕੇ ਸਰਕਾਰੀ ਸਕੂਲਾਂ ਦੇ ਉੱਚੇ ਚੁੱਕੇ ਮਿਆਰ ਦਾ ਸਬੂਤ ਦਿੱਤਾ ਹੈ।