ਦੇਵੀਗੜ੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਹਰਿਆਲੀ ਨੂੰ ਉਤਸ਼ਾਹਿਤ ਕਰਨਾ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਦੀ ਅਗਵਾਈ ਹੇਠ ਸਕੂਲ ਕੈਂਪਸ ਵਿੱਚ ਛਾਂਦਾਰ, ਫਲਦਾਰ ਅਤੇ ਦੇਸੀ ਕਿਸਮਾਂ ਦੇ ਪੌਦੇ ਲਗਾਏ ਗਏ। ਅਧਿਆਪਕਾਂ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਭਾਗ ਲਿਆ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਵਚਨਬੱਧਤਾ ਦਰਸਾਈ।
ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਰੁੱਖ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਕਰੇ। ਅੰਤ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵਾਤਾਵਰਣ ਦੀ ਸੁਰੱਖਿਆ, ਪੌਦਿਆਂ ਦੀ ਸੰਭਾਲ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਪ੍ਰਣ ਲਿਆ। ਸਕੂਲ ਪ੍ਰਬੰਧਕ ਕਮੇਟੀ ਨੇ ਇਸ ਸਫ਼ਲ ਮੁਹਿੰਮ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਾਤਾਵਰਣ ਪੱਖੀ ਗਤੀਵਿਧੀਆਂ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ।