ਬਰਨਾਲਾ :- ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਨੂੰ ਘਟਨਾ ਤੋਂ ਬਾਅਦ ਉੱਠੇ ਵਿਵਾਦ ਅਤੇ ਲਗਾਤਾਰ ਹੋ ਰਹੇ ਵਿਰੋਧ ਦੇ ਮੱਦੇਨਜ਼ਰ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀ ਸਨ ਇਸ ਦਰਮਿਆਨ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਸਫਾਈ ਕਰਵਾਉਣੀ ਸ਼ੁਰੂ ਕਰ ਦਿੱਤੀ ਜੀ ਸੀ ਜਿਸ ਦਾ ਹੜਤਾਲ ਕਰ ਰਹੇ ਕਰਮਚਾਰੀ ਵੱਲੋਂ ਵਿਰੋਧ ਕੀਤਾ ਗਿਆ ਇਸ ਦਰਮਿਆਨ ਪੁਲਿਸ ਵੱਲੋਂ ਲਾਠੀ ਚਾਰਜ ਕਰਨਾ ਸ਼ੁਰੂ ਕਰ ਦਿੱਤਾ ਜਿਸ ਵਿੱਚ ਕਈ ਸਫਾਈ ਕਰਮਚਾਰੀ ਵੱਡੀ ਪੱਧਰ 'ਤੇ ਜ਼ਖ਼ਮੀ ਹੋ ਗਏ ਸਨ। ਘਟਨਾ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਸੂਬਾ ਪੱਧਰ 'ਤੇ ਤੂਲ ਫੜ ਲਿਆ ਸੀ। ਲਾਠੀਚਾਰਜ ਦੀ ਘਟਨਾ ਤੋਂ ਬਾਅਦ ਵੱਖ-ਵੱਖ ਕਰਮਚਾਰੀ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਕਈ ਆਗੂਆਂ ਨੇ ਜ਼ਖ਼ਮੀ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਸਰਕਾਰ ਨੂੰ ਘੇਰਿਆ ਅਤੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਵੀ ਉਠਾਈ। ਵਧਦੇ ਦਬਾਅ ਦੇ ਦਰਮਿਆਨ ਪੰਜਾਬ ਸਰਕਾਰ ਨੇ ਡੀਐੱਸਪੀ ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਘਟਨਾ ਵਿੱਚ ਜਵਾਬਦੇਹੀ ਤੈਅ ਕਰਨ ਵੱਲ ਪਹਿਲਾ ਕਦਮ ਮੰਨਿਆ ਜਾ ਰਿਹਾ ਹੈ।