ਸੁਨਾਮ : ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈਕੇ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕਰਦਿਆਂ 25 ਅਤੇ 26 ਜੁਲਾਈ ਦੀ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ। ਪ੍ਰਦਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੁੰਭਕਰਨੀ ਨੀਂਦ ਸੁੱਤੀ ਸੂਬੇ ਦੀ ਸਰਕਾਰ ਨੂੰ ਜਗਾਉਣ ਤੱਕ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਲਾਗੂ ਕਰਨਾ 18 ਫ਼ੀਸਦੀ ਡੀ.ਏ. ਦੇ ਬਕਾਏ ਜਾਰੀ ਕਰਨਾ ਕੱਚੇ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ ਪੰਜਾਬ ਸਰਕਾਰ ਦੇ ਤਨਖ਼ਾਹ ਸਕੇਲ ਅਤੇ ਹੋਰ ਸਾਰੇ ਵਿੱਤੀ ਲਾਭ ਲਾਗੂ ਕਰਨਾ ਖਾਲੀ ਅਸਾਮੀਆਂ 'ਤੇ ਨਿਯਮਤ ਭਰਤੀ ਕਰਨਾ, ਆਊਟਸੋਰਸਿੰਗ ਅਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨਾ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨਾ ਸ਼ਾਮਲ ਹਨ। ਬੁਲਾਰਿਆਂ ਨੇ ਐਲਾਨ ਕੀਤਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 25 ਅਤੇ 26 ਜੁਲਾਈ ਨੂੰ ਸਮੂਹਿਕ ਛੁੱਟੀ ਵਿੱਚ ਦੋ ਦਿਨਾਂ ਦਾ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹਮਦਰਦ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਮੂਹਿਕ ਛੁੱਟੀ ਅਤੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਹੋਵੇਗੀ।