ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਮੀਰੀ-ਪੀਰੀ ਦਿਵਸ ਮੌਕੇ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਦਿਨ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਧਾਰਨ ਕਰਕੇ ਸਿੱਖ ਪੰਥ ਨੂੰ ਰੂਹਾਨੀਅਤ ਅਤੇ ਸੰਸਾਰਕ ਜ਼ਿੰਮੇਵਾਰੀਆਂ ਦੇ ਸੰਤੁਲਨ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਹਰ ਸਿੱਖ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਮਨੁੱਖ ਨੂੰ ਇੱਕ ਪਾਸੇ ਪ੍ਰਭੂ ਦੀ ਭਗਤੀ, ਨਾਮ ਸਿਮਰਨ ਅਤੇ ਗੁਰਬਾਣੀ ਨਾਲ ਜੋੜਦਾ ਹੈ, ਜਦਕਿ ਦੂਜੇ ਪਾਸੇ ਸਮਾਜ ਵਿੱਚ ਇਨਸਾਫ਼, ਸੱਚ ਅਤੇ ਮਨੁੱਖਤਾ ਦੀ ਰੱਖਿਆ ਲਈ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦਾ ਹੈ। ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਕਮਜ਼ੋਰ, ਲੋੜਵੰਦ ਅਤੇ ਪੀੜਤ ਲੋਕਾਂ ਦੀ ਰੱਖਿਆ ਨੂੰ ਆਪਣਾ ਫ਼ਰਜ਼ ਸਮਝਿਆ। ਗਿਆਨੀ ਰਾਮ ਸਿੰਘ ਖਾਲਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੇ ਦਿਖਾਏ ਹੋਏ ਰਾਹ 'ਤੇ ਚੱਲਣ ਦੀ ਸਭ ਤੋਂ ਵੱਧ ਲੋੜ ਹੈ। ਟਕਸਾਲ ਮੁਖੀ ਨੇ ਕਿਹਾ ਕਿ ਸਿੱਖ ਕੌਮ ਨੂੰ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਗੁਰਮਤਿ ਦੇ ਸਿਧਾਂਤਾਂ ਅਨੁਸਾਰ ਏਕਤਾ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਮੂਹ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਤਾਕਤ ਬਖ਼ਸ਼ਣ ਅਤੇ ਸਾਰਿਆਂ ਦੇ ਜੀਵਨ ਵਿੱਚ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਦਾਤ ਬਖ਼ਸ਼ਣ। ਉਨ੍ਹਾਂ ਅੰਤ ਵਿੱਚ ਇੱਕ ਵਾਰ ਫਿਰ ਮੀਰੀ-ਪੀਰੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੁੜੇ ਰਹਿਣ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।