ਲੁਧਿਆਣਾ : ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਅਤੇ ਪ੍ਰਧਾਨ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਸਭ ਤੋਂ ਵੱਡੀ ਜਿੱਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਅਸਤੀਫ਼ਾ ਨਹੀਂ, ਸਗੋਂ ਲੋਕਤੰਤਰ ਦੀ ਵੀ ਵੱਡੀ ਜਿੱਤ ਹੈ, ਜਿਸ ਨਾਲ ਦੇਸ਼ ਵਾਸੀਆਂ ਦਾ ਸੰਵਿਧਾਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਮਨਜਿੰਦਰ ਸਿੰਘ ਨੋਨੀ ਸੀਲੋ ਅਤੇ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਗੁਮਰਾਹ ਕੀਤਾ ਜਾ ਰਿਹਾ ਸੀ। ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਸਭ ਤੋਂ ਉੱਚੀ ਹੁੰਦੀ ਹੈ ਅਤੇ ਅੱਜ ਇਹ ਗੱਲ ਇੱਕ ਵਾਰ ਫਿਰ ਸਾਬਤ ਹੋ ਗਈ ਹੈ ਕਿ ਕੋਈ ਵੀ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਦਬਾ ਕੇ ਨਹੀਂ ਰੱਖ ਸਕਦੀ। ਮਨਜਿੰਦਰ ਸਿੰਘ ਨੋਨੀ ਅਤੇ ਇੰਦਰਜੀਤ ਸਿੰਘ ਗਿੱਲ ਨੇ ਸੰਘਰਸ਼ ਵਿੱਚ ਸ਼ਾਮਲ ਸਾਰੇ ਵਿਦਿਆਰਥੀਆਂ, ਨੌਜਵਾਨਾਂ ਅਤੇ ਪਿਛਲੇ ਕਈ ਦਿਨਾਂ ਤੋਂ ਜੰਤਰ ਮੰਤਰ ਤੇ ਬੈਠੀ ਇੰਡੀਅਨ ਨੈਸ਼ਨਲ ਯੂਥ ਕਾਂਗਰਸ ਤੇ ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੇ ਭਵਿੱਖ ਦੀ ਰੱਖਿਆ ਲਈ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।