ਨਵਾਂਸ਼ਹਿਰ : ਨੀਟ ਪ੍ਰੀਖਿਆ 'ਚ ਹੋਈਆਂ ਕਥਿਤ ਧਾਂਦਲੀਆਂ, ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਦਿੱਤੇ ਗਏ "ਥਾਲੀ ਵਜਾਓ, ਤਾਨਾਸ਼ਾਹ ਭਜਾਓ" ਦੇ ਸੱਦੇ ਤਹਿਤ ਅੱਜ ਨਵਾਂਸ਼ਹਿਰ ਵਿਖੇ ਵੀ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਰੋਸ ਮਾਰਚ ਦੀ ਅਗਵਾਈ ਕਰਦਿਆਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਨੇ ਕਿਹਾ ਕਿ ਦੇਸ਼ ਦੇ ਲੱਖਾਂ ਬੱਚੇ ਅਤੇ ਉਨ੍ਹਾਂ ਦੇ ਮਾਪੇ ਰਾਤ-ਦਿਨ ਇੱਕ ਕਰਕੇ, ਅਣਥੱਕ ਮਿਹਨਤ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਪਰ ਜਦੋਂ ਅਜਿਹੇ ਰਾਸ਼ਟਰੀ ਪੱਧਰ ਦੇ ਪੇਪਰ ਲੀਕ ਹੋ ਜਾਂਦੇ ਹਨ, ਤਾਂ ਇਸ ਨਾਲ ਹੋਣਹਾਰ ਬੱਚਿਆਂ ਦੇ ਮਨੋਬਲ 'ਤੇ ਬਹੁਤ ਮਾੜਾ ਅਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ ਰੋਸ ਪ੍ਰਦਰਸ਼ਨ ਦੌਰਾਨ ਆਪ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਸਮਰਥਕਾਂ ਨੇ ਹੱਥਾਂ ਵਿੱਚ ਥਾਲੀਆਂ ਅਤੇ ਚਮਚੇ ਲੈ ਕੇ "ਥਾਲੀ ਵਜਾਓ, ਤਾਨਾਸ਼ਾਹ ਭਜਾਓ" ਦੇ ਨਾਅਰਿਆਂ ਨਾਲ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ। ਇਹ ਮਾਰਚ ਬਾਰਾਦਰੀ ਬਾਗ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਡਾਕਟਰ ਅੰਬੇਡਕਰ ਚੌਕ ਵਿਖੇ ਸਮਾਪਤ ਹੋਇਆ। ਸਾਰਿਆਂ ਨੇ ਇੱਕ ਸੁਰ ਵਿੱਚ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ।