ਕੁਰਾਲੀ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਪ੍ਰਚਲਿਤ ਕੀਤੇ ਗਏ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਸਾਹਿਬ, ਕੁਰਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਧਾਰਮਿਕ ਸਮਾਗਮ ਦੌਰਾਨ ਢਾਡੀ ਮੇਜਰ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਦੇ ਢਾਡੀ ਜਥੇ ਨੇ ਇਲਾਹੀ ਗੁਰਬਾਣੀ ਦਾ ਮਨੋਹਰ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ, ਮੀਰੀ-ਪੀਰੀ ਦੇ ਸਿਧਾਂਤ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਮਹੱਤਵਪੂਰਨ ਵਿਚਾਰਾਂ ਨਾਲ ਜੋੜਿਆ। ਜਥੇ ਵੱਲੋਂ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਸੰਗਤਾਂ ਨੇ ਬੜੀ ਸ਼ਰਧਾ ਅਤੇ ਧਿਆਨ ਨਾਲ ਸਰਵਣ ਕੀਤਾ। ਇਸ ਸਮਾਗਮ ਦੌਰਾਨ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਵਿੰਦਰ ਸਿੰਘ ਖੇੜਾ ਹਲਕਾ ਇੰਚਾਰਜ, ਰਾਜਾ ਸਿੰਘ ਨਨਹੇੜੀਆ ਬਸਪਾ ਆਗੂ, ਪ੍ਰਧਾਨ ਸਵਰਨ ਸਿੰਘ, ਪਾਲ ਸਿੰਘ, ਸਪਿੰਦਰ ਸਿੰਘ, ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਪਰਮਜੀਤ ਸਿੰਘ, ਬੇਅੰਤ ਸਿੰਘ ਟੋਨੀ, ਰਣਵੀਰ ਸਿੰਘ ਲਾਡੀ, ਰਜਿੰਦਰ ਸਿੰਘ, ਮਲਾਗਰ ਸਿੰਘ, ਸੁਖਦੇਵ ਸਿੰਘ, ਤਜਿੰਦਰ ਸਿੰਘ ਕਾਲਾ, ਹਰਜੀਤ ਸਿੰਘ, ਬਹਾਦਰ ਸਿੰਘ ਅਤੇ ਸਮੂਹ ਨੌਜਵਾਨ ਸਭਾ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਹਾਜ਼ਰ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਧਰਮ ਦੀ ਵਿਲੱਖਣ ਪਹਿਚਾਣ ਹੈ, ਜੋ ਰੂਹਾਨੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੁੰਦਰ ਸੁਮੇਲ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ, ਗੁਰਬਾਣੀ ਨਾਲ ਜੁੜਨ ਅਤੇ ਸਮਾਜ ਵਿੱਚ ਸੇਵਾ, ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ।
Photo Sodhi-1