ਲੁਧਿਆਣਾ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਅਤੇ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਸ੍ਰੀ ਤੇਜਪਾਲ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਨਵ-ਨਿਯੁਕਤ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਪੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ। ਇਸ ਮੌਕੇ ਸ੍ਰੀ ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਸਨਮਾਨ ਅਤੇ ਨੁਮਾਇੰਦਗੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਗੋਪੀ ਦੀ ਨਿਯੁਕਤੀ ਨਾਲ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਾਰਟੀ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੇ ਉਤਰਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਮਰਪਿਤ ਹੋ ਕੇ ਕੰਮ ਕਰਨਗੇ। ਨਵ-ਨਿਯੁਕਤ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਗੋਪੀ ਨੇ ਪਾਰਟੀ ਹਾਈਕਮਾਨ ਅਤੇ ਸ੍ਰੀ ਤੇਜਪਾਲ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਕੰਮ ਕਰਨਗੇ।