ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਲੇਮਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਯੋਗ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਜਾਇਜ਼ ਮਸਲੇ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।