ਅੰਮ੍ਰਿਤਸਰ : ਵਾਰਡ ਨੰਬਰ 55 ਦੇ ਇੰਚਾਰਜ ਮੰਨੂ ਕੁਮਾਰ ਵੱਲੋਂ ਨਮਕ ਮੰਡੀ ਵਿਖੇ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੌਕੇ ਉੱਤੇ ਹੀ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਸਨਿਆਰੀਆਂ ਵਾਲੀ ਗਲੀ ਅਤੇ ਰੂਪ ਚੰਦ ਗਲੀ ਦੇ ਵਸਨੀਕਾਂ ਵੱਲੋਂ ਪਾਣੀ ਅਤੇ ਸੀਵਰੇਜ ਦੀ ਮੁੱਖ ਸਮੱਸਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਮੰਨੂ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਪਾਣੀ ਦੇ ਬੋਰ ਅਤੇ ਪਾਈਪਾਂ ਨਾਲ ਜੁੜੀਆਂ ਇਨ੍ਹਾਂ ਪੁਰਾਣੀਆਂ ਸਮੱਸਿਆਵਾਂ ਨੂੰ ਆਪਸੀ ਸਹਿਮਤੀ ਅਤੇ ਤਾਲਮੇਲ ਨਾਲ ਹੱਲ ਕਰਵਾ ਦਿੱਤਾ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਸਿਰਫ਼ ਦਫ਼ਤਰਾਂ ਵਿੱਚ ਬੈਠ ਕੇ ਬਿਆਨਬਾਜ਼ੀ ਕੀਤੀ ਜਾਂਦੀ ਹੈ, ਜਦੋਂ ਕਿ ਉਹ ਖ਼ੁਦ ਧੁੱਪ ਅਤੇ ਗਰਮੀ ਵਿੱਚ ਨਿਕਲ ਕੇ ਗਲੀਆਂ ਵਿੱਚ ਜਾ ਕੇ ਲੋਕਾਂ ਦੀਆਂ ਅਸਲ ਮੁਸ਼ਕਲਾਂ ਦਾ ਜਾਇਜ਼ਾ ਲੈਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਮੇਸ਼ਾ ਅਜਿਹੇ ਜ਼ਮੀਨੀ ਨੁਮਾਇੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ, ਜਿਹੜੇ ਗਰਾਊਂਡ ਪੱਧਰ ਉੱਤੇ ਕੰਮ ਕਰਦੇ ਹੋਣ ਅਤੇ ਹਰ ਦੁੱਖ-ਸੁੱਖ ਵਿੱਚ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਦੇ ਹੋਣ। ਇਸ ਮੌਕੇ ਇਲਾਕੇ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਗਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਮਾਤਾਵਾਂ ਅਤੇ ਭੈਣਾਂ ਮੌਜੂਦ ਸਨ, ਜਿਨ੍ਹਾਂ ਨੇ ਮੰਨੂ ਕੁਮਾਰ ਅਤੇ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ। ਸਥਾਨਕ ਲੋਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇੰਚਾਰਜ ਮੰਨੂ ਕੁਮਾਰ ਵੱਲੋਂ ਜਿਸ ਤਰ੍ਹਾਂ ਹਰ ਗਲੀ ਵਿੱਚ ਜਾ ਕੇ ਲੋਕਾਂ ਦੀ ਸੁਣਵਾਈ ਕੀਤੀ ਜਾ ਰਹੀ ਹੈ, ਉਸ ਨਾਲ ਵਾਰਡ ਦੀਆਂ ਸਾਰੀਆਂ ਬੁਨਿਆਦੀ ਸਮੱਸਿਆਵਾਂ ਜਲਦੀ ਜੜ੍ਹੋਂ ਖ਼ਤਮ ਹੋ ਜਾਣਗੀਆਂ।