ਐਸ.ਏ.ਐਸ. ਨਗਰ (ਮੋਹਾਲੀ) : ਪੰਜਾਬ ਵਿੱਚ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਪੰਜਾਬ ਦੇ ਉਦਯੋਗਿਕ ਗੜ੍ਹ ਲੁਧਿਆਣਾ ਵਿਖੇ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ ਸਥਾਪਿਤ ਕੀਤੀ ਜਾਵੇਗੀ। ਇਸ ਹਾਈ-ਟੈਕ ਮੰਡੀ ਵਿੱਚ ਫੁੱਲਾਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਅਤਿ-ਆਧੁਨਿਕ ਸੁਵਿਧਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੰਡੀ ਦੇ ਹੋਂਦ ਵਿੱਚ ਆਉਣ ਨਾਲ ਸੂਬੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਫੁੱਲਾਂ ਦੀ ਖੇਤੀ ਅਪਣਾਉਣ ਲਈ ਵੱਡਾ ਹੁਲਾਰਾ ਅਤੇ ਉਤਸ਼ਾਹ ਮਿਲੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਫੁੱਲਾਂ ਦੀ ਖੇਤੀ ਕਿਸਾਨਾਂ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦਾ ਇੱਕ ਬਹੁਤ ਹੀ ਵਧੀਆ ਅਤੇ ਲਾਹੇਵੰਦ ਸਾਧਨ ਹੈ। ਹੋਰਨਾਂ ਕਿਸਾਨਾਂ ਨੂੰ ਵੀ ਇਸ ਪਾਸੇ ਉਤਸਾਹਿਤ ਕਰਨ ਵਾਸਤੇ ਲੁਧਿਆਣਾ ਵਿਖੇ ਅਤਿ-ਆਧੁਨਿਕ ਮੰਡੀ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਖੇਤੀ ਦੇ ਬਹੁ-ਪੱਖੀ ਫਾਇਦੇ ਗਿਣਾਉਂਦਿਆਂ ਕਿਹਾ ਕਿ ਫੁੱਲਾਂ ਦੀ ਖੇਤੀ ਨਾਲ ਜਿੱਥੇ ਆਲਾ-ਦੁਆਲਾ ਸੁੰਦਰ ਬਣਦਾ ਹੈ ਅਤੇ ਵਾਤਾਵਰਨ ਸ਼ੁੱਧ ਹੁੰਦਾ ਹੈ, ਉੱਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਇਸ ਤੋਂ ਇਲਾਵਾ, ਇਸ ਖੇਤਰ ਵਿੱਚ ਸਥਾਨਕ ਪੱਧਰ 'ਤੇ ਰੋਜਗਾਰ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ, ਜੋ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨਗੇ। ਕਿਸਾਨਾਂ ਨੂੰ ਕੌਮੀ ਪੱਧਰ ਦੀਆਂ ਮੰਡੀਆਂ ਨਾਲ ਜੋੜਨ ਲਈ ਸ. ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਮੌਜੂਦ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੁੱਲਾਂ ਦੀ ਖੇਤੀ ਕਰਨ ਵਾਲੇ ਸਾਰੇ ਕਿਸਾਨਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਨਾਲ ਡਾਟਾ ਤਿਆਰ ਹੋਵੇਗਾ, ਜਿਸ ਨਾਲ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦੇ ਫੁੱਲਾਂ ਦੀ ਮਾਰਕੀਟਿੰਗ ਕਰਨ ਦੇ ਯਤਨਾਂ ਨੂੰ ਹੋਰ ਤੇਜੀ ਮਿਲੇਗੀ।