ਕੁਰਾਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੁਰਾਲੀ ਦੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਅੱਜ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਅੱਜ ਭਾਜਪਾਈ ਆਗੂਆਂ ਦੇ ਵਫ਼ਦ ਨਾਲ ਸਥਾਨਕ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਇਸ ਹਸਪਤਾਲ ਦਾ ਦੌਰਾ ਕਰਕੇ ਇਸ ਨੂੰ ਅਪਗ੍ਰੇਡ ਕਰਨ ਅਤੇ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਹਸਪਤਾਲ ਦੀ ਇਮਾਰਤ ਵਿੱਚ ਕੋਈ ਵੱਡਾ ਸੁਧਾਰ ਹੋਇਆ ਹੈ ਅਤੇ ਨਾ ਹੀ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਅਤੇ ਇਲਾਕੇ ਦੇ ਆਮ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ, ਜੋ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਨੂੰ ਬਿਆਨ ਕਰਦਾ ਹੈ। ਇਸ ਮੌਕੇ ਗਿੱਲ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਦਾਖ਼ਲ ਮਰੀਜ਼ਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕਈ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਸਫ਼ਾਈ, ਗਰਮੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ। ਹਸਪਤਾਲ ਦੇ ਕੁਝ ਹਿੱਸਿਆਂ ਵਿੱਚ ਸਫ਼ਾਈ ਦੀ ਮਾੜੀ ਹਾਲਤ ਦੇਖ ਕੇ ਗਿੱਲ ਨੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਇੱਕ ਸਰਕਾਰੀ ਹਸਪਤਾਲ, ਜਿੱਥੇ ਲੋਕ ਆਪਣੀ ਸਿਹਤ ਸੰਭਾਲ ਲਈ ਆਉਂਦੇ ਹਨ, ਉੱਥੇ ਇਸ ਤਰ੍ਹਾਂ ਦੀਆਂ ਲਾਪਰਵਾਹੀਆਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀਆਂ। ਉਨ੍ਹਾਂ ਨੇ ਤੁਰੰਤ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨਾਲ ਫ਼ੋਨ 'ਤੇ ਗੱਲਬਾਤ ਕਰਕੇ ਸਫ਼ਾਈ ਪ੍ਰਬੰਧਾਂ ਨੂੰ ਤੁਰੰਤ ਦਰੁਸਤ ਕਰਨ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਗਿੱਲ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਵੱਡੇ-ਵੱਡੇ ਐਲਾਨ ਕਰਨ ਦੀ ਬਜਾਏ ਲੋਕਾਂ ਦੀ ਸਿਹਤ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਹਸਪਤਾਲਾਂ ਵਿੱਚ ਹੀ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ, ਠੰਢੇ ਕਮਰੇ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨਾ ਮਿਲਣ ਤਾਂ ਇਹ ਸਿਹਤ ਪ੍ਰਣਾਲੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨੇ ਗਿੱਲ ਅਤੇ ਹੋਰਨਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹਸਪਤਾਲ ਵਿੱਚ 8 ਨਵੇਂ ਏ.ਸੀ. ਲਗਾਏ ਜਾਣਗੇ, 2 ਕੂਲਰ ਮੁਹੱਈਆ ਕਰਵਾਏ ਜਾਣਗੇ ਅਤੇ ਪਾਣੀ ਦੀਆਂ ਟੈਂਕੀਆਂ ਦੀ ਮੁਰੰਮਤ ਕਰਵਾਈ ਜਾਵੇਗੀ, ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਉਨ੍ਹਾਂ ਨਾਲ ਦਵਿੰਦਰ ਸਿੰਘ ਠਾਕੁਰ, ਪਰਮਜੀਤ ਸਿੰਘ ਪੰਮੀ, ਪਾਲਇੰਦਰ ਸਿੰਘ ਬਾਠ, ਕੌਂਸਲਰ ਆਸ਼ੀਸ਼ ਕੁਮਾਰ, ਰਾਕੇਸ਼ ਅਗਰਵਾਲ ਅਤੇ ਆਸ਼ੂ ਗੋਇਲ ਵੀ ਹਾਜ਼ਰ ਸਨ।