ਦੇਵੀਗੜ੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਦੀ ਚੋਣ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਹੋਈ ਹੈ। ਇਹ ਅੰਤਰਰਾਸ਼ਟਰੀ ਚੈਂਪੀਅਨਸ਼ਿਪ 31 ਜੁਲਾਈ 2026 ਤੋਂ 2 ਅਗਸਤ 2026 ਤੱਕ ਪਟਾਇਆ ਸਿਟੀ, ਥਾਈਲੈਂਡ ਵਿਖੇ ਕਰਵਾਈ ਜਾਵੇਗੀ। ਚੁਣੇ ਗਏ ਵਿਦਿਆਰਥੀਆਂ ਵਿੱਚ ਕਰਨ ਗਿਰ (ਜਮਾਤ 12ਵੀਂ ਸਾਇੰਸ) ਅਤੇ ਸਰਬਜੀਤ ਸਿੰਘ (ਜਮਾਤ 12ਵੀਂ ਕਾਮਰਸ) ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ 'ਤੇ ਇਸ ਅੰਤਰਰਾਸ਼ਟਰੀ ਮੁਕਾਬਲੇ ਲਈ ਆਪਣੀ ਜਗ੍ਹਾ ਬਣਾਈ ਹੈ। ਸਕੂਲ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੁਨਮ ਧੀਮਾਨ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਆਪਣੇ ਸਕੂਲ, ਪੰਜਾਬ ਅਤੇ ਭਾਰਤ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੌਸ਼ਨ ਕਰਨਗੇ। ਵਿਦਿਆਰਥੀਆਂ ਦੇ ਕੋਚ ਸ੍ਰੀ ਹਰਦੀਪ ਕੁਮਾਰ ਨੇ ਵੀ ਦੋਵੇਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਬਹੁਤ ਮਿਹਨਤ ਕੀਤੀ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਲਈ ਤਗਮੇ ਜਿੱਤਣਗੇ। ਸਮੂਹ ਸਕੂਲ ਪਰਿਵਾਰ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੂੰ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਲਈ ਦਿਲੋਂ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਸ਼ੁਭ ਇੱਛਾਵਾਂ ਪ੍ਰਗਟ ਕੀਤੀਆਂ ਜਾਂਦੀਆਂ ਹਨ।