ਅੰਮ੍ਰਿਤਸਰ : ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ ਇੱਕ ਮਹੀਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਹੈ, ਪਰੰਤੂ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਮੁੜ ਕੋਈ ਰਾਬਤਾ ਨਾ ਕਰਨਾ ਹਾਕਮਾਂ ਦੀ ਹਉਮੈ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਸਿਧਾਂਤ ਸਰਵਉੱਚ ਹਨ। ਇਨ੍ਹਾਂ ਪਵਿੱਤਰ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਨੂੰਨੀ ਵਿਵਸਥਾਵਾਂ ਨੂੰ ਸਿੱਖ ਪੰਥ ਕਦੇ ਸਵੀਕਾਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਇਤਰਾਜਯੋਗ ਮਦਾਂ ਵਿੱਚ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਪਰ ਇਸ ਮਾਮਲੇ ਵਿੱਚ ਸਰਕਾਰ ਦੀ ਚੁੱਪੀ ਚਿੰਤਾਜਨਕ ਹੈ। ਸਿੱਖਾਂ ਨੇ ਗੁਰੂ ਦੀ ਕਿਰਪਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਸਿੱਖ ਸੰਸਥਾਵਾਂ ਤੇ ਪੰਥਕ ਮਰਯਾਦਾ ਨੂੰ ਹਮੇਸ਼ਾ ਕਾਇਮ ਰੱਖਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅੱਜ ਵੀ ਪੰਥ ਵਿਰੋਧੀ ਕੁਝ ਤਾਕਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੀ ਮਾਣ-ਮਰਯਾਦਾ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਸਿੱਖਾਂ ਨੂੰ ਗੁਰੂ ਸ਼ਬਦ ਨਾਲੋਂ ਤੋੜਨ ਅਤੇ ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੇ ਯਤਨ ਹੋ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬਸਾਂਝੇ ਸੰਦੇਸ਼, ਸਿੱਖੀ ਦੇ ਸਿਧਾਂਤਾਂ, ਪੰਥਕ ਏਕਤਾ ਅਤੇ ਨੌਜੁਆਨ ਪੀੜ੍ਹੀ ਨੂੰ ਗੁਰੂ ਨਾਲ ਜੋੜਨ ਦਾ ਹੈ। ਇਸੇ ਤਹਿਤ ਚਲਦਾ ਵਹੀਰ ਧਰਮ ਪ੍ਰਚਾਰ ਲਹਿਰ ਤਹਿਤ ਹਰ ਹਲਕੇ ਅੰਦਰ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਮੰਗਾ ਸਿੰਘ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਬੀਰ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਇੰਚਾਰਜ ਭਾਈ ਭੋਲਾ ਸਿੰਘ, ਸਾਬਕਾ ਚੇਅਰਮੈਨ ਸ. ਸੁਖਵਿੰਦਰ ਸਿੰਘ, ਸ. ਗੁਰਮੀਤ ਸਿੰਘ ਗਗੜਾ, ਸ. ਜਸਬੀਰ ਸਿੰਘ ਸੀਰਾ ਖੋਸਾ, ਸ. ਬਾਲਦੀਪ ਸਿੰਘ ਹੈਰੀ, ਸ. ਸੁਰਜੀਤ ਸਿੰਘ ਰਾਮਗੜ੍ਹ, ਸ. ਰਾਜਵਿੰਦਰ ਸਿੰਘ ਗੋਰਾ, ਸ. ਗੁਰਪ੍ਰੀਤ ਸਿੰਘ ਭੁੱਲਰ, ਸ. ਹਰਮੇਲ ਸਿੰਘ ਰਾਜਪੂਤ, ਸ. ਅਮਨ ਸਿੰਘ ਗਾਬਾ, ਸ. ਸੁਰਜੀਤ ਸਿੰਘ ਲੋਹਾਰਾ, ਸ. ਜਸਵੰਤ ਸਿੰਘ ਜੱਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।