ਸੁਨਾਮ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸੁਨਾਮ ਵਿਖੇ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਸਾਂਝੀ ਚੈਕਿੰਗ ਟੀਮ ਵਿੱਚ ਲੇਬਰ ਇੰਸਪੈਕਟਰ ਕੁਲਦੀਪ ਸਿੰਘ, ਸਿੱਖਿਆ ਵਿਭਾਗ ਤੋਂ ਪਵਨਦੀਪ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਤੋਂ ਨਿਰਮਲ ਕੌਰ ਅਤੇ ਪੁਲਿਸ ਵਿਭਾਗ ਤੋਂ ਸਤਗੁਰ ਸਿੰਘ ਸ਼ਾਮਲ ਸਨ। ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਪਾਰਕ ਅਦਾਰਿਆਂ, ਹੋਟਲਾਂ, ਢਾਬਿਆਂ, ਵਰਕਸ਼ਾਪਾਂ, ਦੁਕਾਨਾਂ ਅਤੇ ਹੋਰ ਜਨਤਕ ਸਥਾਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਕਿਰਤ ਇੰਸਪੈਕਟਰ ਵੱਲੋਂ ਦੱਸਿਆ ਗਿਆ ਹੈ ਕਿ ਚੈਕਿੰਗ ਦੌਰਾਨ ਕਿਸੇ ਵੀ ਸਥਾਨ 'ਤੇ ਕੋਈ ਬੱਚਾ ਬਾਲ ਮਜ਼ਦੂਰੀ ਕਰਦਾ ਨਹੀਂ ਪਾਇਆ ਗਿਆ। ਬਾਲ ਮਜ਼ਦੂਰੀ ਰੋਕੂ ਟੀਮ ਵੱਲੋਂ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਸਿੱਖਿਆ ਨਾਲ ਜੋੜਨ, ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਬਾਲ ਮਜ਼ਦੂਰੀ ਵਰਗੀ ਸਮਾਜਿਕ ਬੁਰਾਈ ਨੂੰ ਖਤਮ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਾਲ ਮਜ਼ਦੂਰੀ ਦੇ ਖਾਤਮੇ ਅਤੇ ਬੱਚਿਆਂ ਦੇ ਸਰਵੋਤਮ ਹਿੱਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਰੋਕਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।