ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਟੀਚਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨਗੇ। ਕੰਪਿਊਟਰ ਟੀਚਰਜ਼ ਯੂਨੀਅਨ ਦੇ ਸੂਬਾਈ ਮੈਬਰ ਰਣਜੀਤ ਸਿੰਘ, ਹਨੀ ਗਰਗ ਅਤੇ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਪਿਕਟੈਸ ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਮਾਣਯੋਗ ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸਬ ਕਮੇਟੀ ਨਾਲ ਪਿਛਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਅਨੁਸਾਰ ਪੰਜਵੇਂ ਪੇਅ ਕਮਿਸ਼ਨ ਤਹਿਤ ਬਣਦਾ ਅਣਰਿਵਾਇਜਡ ਡੀਏ ਲਾਗੂ ਕਰਨਾ, ਡੈੱਥ ਪਾਲਿਸੀ ਲਾਗੂ ਕਰਨ ਦੀ ਥਾਂ ਸਰਕਾਰ ਸਮਾਂ ਲੰਘਾ ਰਹੀ ਹੈ। ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਝੂਠ ਪਰੋਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੈਗੂਲਰ ਹੋਣ ਦੀ ਉਮੀਦ ਵਿੱਚ 114 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ। ਇਸ ਮੌਕੇ ਹਰਮਨਦੀਪ ਕੌਰ, ਸੁਮੀਤ ਕੁਮਾਰ, ਬਲਜੀਤ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਧਿਆਨ ਸਿੰਘ, ਗੁਰਵਿੰਦਰ ਸੋਜਾ ਹਾਜਰ ਸਨ।